ਪਟਿਆਲਾ, 24 ਮਾਰਚ 2026, (ਬਲਜੀਤ ਸਰਨਾ): ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਦਰਜ ਹੋਏ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪਟਿਆਲਾ ਜ਼ਿਲ੍ਹਾ ਇਕਾਈ ਵੱਲੋਂ ਲਾਲਜੀਤ ਭੁੱਲਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ।

“ਕੇਂਦਰ ਦੇ ਦਬਾਅ ਹੇਠ ਆਈ ਪੰਜਾਬ ਸਰਕਾਰ”
ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਲਾਲਜੀਤ ਸਿੰਘ ਭੁੱਲਰ ‘ਤੇ ਸ਼ਿਕੰਜਾ ਤਾਂ ਹੀ ਕੱਸਿਆ ਗਿਆ ਹੈ ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਆਗੂਆਂ ਨੇ ਇਸ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਜਾਖੜ ਅਨੁਸਾਰ, “ਸਰਕਾਰ ਨੂੰ ਡਰ ਹੈ ਕਿ ਜੇਕਰ ਮਾਮਲਾ CBI ਕੋਲ ਗਿਆ ਤਾਂ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਕਈ ਚਿਹਰੇ ਨੰਗੇ ਹੋ ਸਕਦੇ ਹਨ।”
“ਆਪ” ਵਿੱਚ ਕਈ ‘ਲਾਲਜੀਤ ਭੁੱਲਰ’ ਸਰਗਰਮ: ਜਾਖੜ
ਪੰਜਾਬ ਪ੍ਰਧਾਨ ਨੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕ ਲਾਲਜੀਤ ਭੁੱਲਰ ਨਹੀਂ ਹੈ, ਸਗੋਂ ਆਮ ਆਦਮੀ ਪਾਰਟੀ ਵਿੱਚ ਕਈ ਅਜਿਹੇ ਵਿਅਕਤੀ ਹਨ ਜੋ ‘ਗੈਂਗ’ ਦੇ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਮੰਤਰੀ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਭਾਜਪਾ ਅਜੇ ਵੀ ਪੂਰੇ ਮਾਮਲੇ ਦੀ CBI ਜਾਂਚ ਦੀ ਮੰਗ ‘ਤੇ ਅੜੀ ਹੋਈ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਅਸਲ ਇਨਸਾਫ਼ ਮਿਲ ਸਕੇ।
ਪਟਿਆਲਾ ‘ਚ ਪ੍ਰਦਰਸ਼ਨ
ਪਟਿਆਲਾ ਵਿਖੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਲਾਲਜੀਤ ਭੁੱਲਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।