ਨਵੀਂ ਦਿੱਲੀ, 7 ਅਪ੍ਰੈਲ: ਪੱਛਮੀ ਏਸ਼ੀਆ ਵਿੱਚ ਇੱਕ ਮਹੀਨੇ ਪਹਿਲਾਂ ਸ਼ੁਰੂ ਹੋਏ ਸੰਘਰਸ਼ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਮੁਹਿੰਮ ਜਾਰੀ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਹੁਣ ਤੱਕ 1700 ਤੋਂ ਵੱਧ ਭਾਰਤੀ ਨਾਗਰਿਕ ਇਰਾਨ ਤੋਂ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਜ਼ਮੀਨੀ ਸਰਹੱਦੀ ਰਸਤਿਆਂ ਰਾਹੀਂ ਬਾਹਰ ਕੱਢੇ ਜਾ ਚੁੱਕੇ ਹਨ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਤਹਿਰਾਨ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਹੁਣ ਤੱਕ ਕੁੱਲ 1,777 ਭਾਰਤੀਆਂ ਨੂੰ ਸੁਰੱਖਿਅਤ ਤੌਰ ‘ਤੇ ਇਰਾਨ ਤੋਂ ਬਾਹਰ ਕੱਢਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਨਾਗਰਿਕ ਅਰਮੀਨੀਆ ਅਤੇ ਅਜ਼ਰਬਾਈਜਾਨ ਪਹੁੰਚਣ ਤੋਂ ਬਾਅਦ ਹਵਾਈ ਜਹਾਜ਼ਾਂ ਰਾਹੀਂ ਆਪਣੇ ਘਰ ਵਾਪਸ ਲੌਟ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਵਾਪਸੀ ਕਰਨ ਵਾਲਿਆਂ ਵਿੱਚ 895 ਵਿਦਿਆਰਥੀ ਅਤੇ 345 ਮਛੇਰੇ ਵੀ ਸ਼ਾਮਲ ਹਨ। ਇਹ ਮਛੇਰੇ ਇਰਾਨ ਦੀਆਂ ਵੱਖ-ਵੱਖ ਕੰਪਨੀਆਂ ਵਿੱਚ ਕੰਮ ਕਰ ਰਹੇ ਸਨ ਅਤੇ 4 ਅਪਰੈਲ ਨੂੰ ਅਰਮੀਨੀਆ ਰਾਹੀਂ ਉਡਾਣ ਭਰ ਕੇ ਭਾਰਤ ਪਹੁੰਚੇ।
ਸਰਕਾਰ ਵੱਲੋਂ ਬਾਕੀ ਫਸੇ ਭਾਰਤੀ ਨਾਗਰਿਕਾਂ ਨੂੰ ਵੀ ਜਲਦ ਤੋਂ ਜਲਦ ਸੁਰੱਖਿਅਤ ਵਾਪਸ ਲਿਆਉਣ ਲਈ ਯਤਨ ਜਾਰੀ ਹਨ।









