Home ਪਟਿਆਲਾ ਅਪਡੇਟ ਪਟਿਆਲਾ ਮੁੱਖ ਮਤਰੀ ਭਗਵੰਤ ਮਾਨ ਦੀ ਰੈਲੀ ਵਿਚ ਪਟਿਆਲਾ ਵਾਸੀਆਂ ਵਲੋਂ ਭਰਵਾਂ...

ਪਟਿਆਲਾ ਮੁੱਖ ਮਤਰੀ ਭਗਵੰਤ ਮਾਨ ਦੀ ਰੈਲੀ ਵਿਚ ਪਟਿਆਲਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ

0
ਸੂਬਾ ਸਰਕਾਰ ਵੱਲੋਂ ਪਟਿਆਲਾ ਦਿਹਾਤੀ ਨੂੰ ਮਾਡਲ ਹਲਕਾ ਬਣਾਇਆ ਜਾਵੇਗਾ- ਡਾ. ਬਲਬੀਰ ਸਿੰਘ

ਪਟਿਆਲਾ, 7 ਅਪ੍ਰੈਲ (ਮਨੋਜ ਵਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਹੋਈ ਵੱਡੀ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਆਗੂਆਂ ਨੇ ਜਨਤਕ ਸਮਾਗਮ ਦੌਰਾਨ ਬਿਜਲੀ ਚੋਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੂੰ ਸਮਰਥਨ ਦੇਣਾ ਬੇਅਦਬੀ, ਜ਼ੁਲਮ ਅਤੇ ਅੱਤਿਆਚਾਰਾਂ ਦੇ ਯੁੱਗ ਨੂੰ ਵਾਪਸ ਲਿਆਉਣ ਵਰਗਾ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਨਕਾਲ ਦੌਰਾਨ ਅਕਾਲੀ ਲੀਡਰਸ਼ਿਪ ਨੇ ਸੂਬੇ ਨੂੰ ਆਰਥਿਕ, ਸਮਾਜਿਕ ਅਤੇ ਧਾਰਮਿਕ ਤੌਰ ‘ਤੇ ਨੁਕਸਾਨ ਪਹੁੰਚਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਵਾਧਾ ਮਿਲਿਆ।

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਟਿੱਪਣੀ ਕਰਦਿਆਂ ਮਾਨ ਨੇ ਕਿਹਾ ਕਿ ਇਹ ਅਸਲ ਵਿੱਚ “ਪਰਿਵਾਰ ਬਚਾਓ ਯਾਤਰਾ” ਹੈ। ਉਨ੍ਹਾਂ ਕਿਹਾ ਕਿ 15 ਸਾਲ ਸੱਤਾ ਵਿੱਚ ਰਹਿ ਕੇ ਸੂਬੇ ਨੂੰ ਲੁੱਟਣ ਵਾਲੇ ਹੁਣ ਪੰਜਾਬ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ।

ਬਿਜਲੀ ਅਤੇ ਖੇਤੀਬਾੜੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬੇਮਿਸਾਲ ਬਦਲਾਅ ਦੇਖਣ ਨੂੰ ਮਿਲ ਰਹੇ ਹਨ।” ਉਨ੍ਹਾਂ ਦੁਹਰਾਇਆ ਕਿ ਜਨਤਾ ਦਾ ਇੱਕ-ਇੱਕ ਪੈਸਾ ਉਨ੍ਹਾਂ ਦੀ ਹੀ ਭਲਾਈ ਲਈ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ।

ਨਿਵੇਸ਼ ਅਤੇ ਸਿਹਤ ਸੰਭਾਲ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ” ਨਿਵੇਸ਼ ਕਾਨੂੰਨ ਵਿਵਸਥਾ ਦਾ ਸਭ ਤੋਂ ਵਧੀਆ ਮਾਪਦੰਡ ਹੈ ਅਤੇ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨਾ ਉਨ੍ਹਾਂ ਦਾ ਰਾਜ ਵਿੱਚ ਵਿਸ਼ਵਾਸ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਉਹ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਹੱਕਦਾਰ ਹਨ, ਜਿਸ ਵਿੱਚ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸ਼ਾਮਲ ਹਨ।”

ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਟੈਕਸ ਤੋਂ ਇੱਕਤਰ ਹੋਇਆ ਪੈਸਾ ਲੋਕਾਂ ਦਾ ਹੈ ਅਤੇ ਜਿਸ ਨੂੰ ਸੂਬੇ ਦੇ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਦੀ ਭਲਾਈ ‘ਤੇ ਖਰਚ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਬਿਨਾਂ ਭ੍ਰਿਸ਼ਟਾਚਾਰ ਤੋਂ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਕੀਤੀ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਸਮਾਜ ਭਲਾਈ ਦੇ ਉਪਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਬੈਂਕ ਖਾਤੇ ਵਿੱਚ ਸਿੱਧੇ ਟ੍ਰਾਂਸਫਰ ਰਾਹੀਂ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ 1,500 ਰੁਪਏ ਪ੍ਰਾਪਤ ਕਰਨਗੀਆਂ। ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਾਭ ਦੇ ਯੋਗ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਭਗ 97 ਫ਼ੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਇਸ ਮੰਤਵ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਗਏ ਹਨ।”

ਆਲੋਚਕਾਂ ਨੂੰ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦਾ ਮਜ਼ਾਕ ਉਡਾਉਂਦੇ ਹਨ ਜਾਂ ਬੇਬੁਨਿਆਦ ਸਵਾਲ ਉਠਾਉਂਦੇ ਹਨ, ਉਹ ਇੱਕ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ। ਜੋ ਲੋਕ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਤੋਂ ਹਰੇਕ ਸਮੇਂ ਦੇ ਭੋਜਨ ‘ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਸਹਾਇਤਾ ਦੀ ਕਦਰ ਨਹੀਂ ਕਰ ਸਕਦੇ, ਜਦੋਂ ਕਿ ਇਹ ਰਾਸ਼ੀ ਉਨ੍ਹਾਂ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਬਹੁਤ ਜ਼ਰੂਰੀ ਹੈ, ਜੋ ਤਿਉਹਾਰਾਂ ਦੌਰਾਨ ਵੀ ਆਪਣਾ ਗੁਜ਼ਾਰਾ ਬਹੁਤ ਮੁਸ਼ਕਲ ਢੰਗ ਨਾਲ ਚਲਾਉਂਦੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਅਮੀਰ ਆਗੂ ਆਮ ਪਰਿਵਾਰਾਂ ਦੀਆਂ ਹਕੀਕਤਾਂ ਤੋਂ ਕੋਹਾਂ ਦੂਰ ਹਨ। ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਹਲਕੇ ਪਟਿਆਲਾ ਦਿਹਾਤੀ ਦੀ ਅਨਾਜ ਮੰਡੀ ਵਿਖੇ ਹੋਈ ਵਿਸ਼ਾਲ ਰੈਲੀ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਤੇ ਮਹਿੰਦਰ ਭਗਤ ਸਮੇਤ ਵਿਧਾਇਕ ਨੀਨਾ ਮਿੱਤਲ, ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਣਜੋਧ ਸਿੰਘ ਹਡਾਣਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਜੱਸੀ ਸੋਹੀਆਂ ਵਾਲਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਦਿਹਾਤੀ ਦੀ ਅੱਜ ਦੀ ਇਹ ਰੈਲੀ ਇਤਿਹਾਸਕ ਰੈਲੀ ਬਣ ਗਈ ਹੈ, ਕਿਉਂਕਿ ਇਸ ਰੈਲੀ ਵਿੱਚ ਸਮਾਜ ਦੇ ਹਰ ਵਰਗ ਨੇ ਹੁੰਮ-ਹੁਮਾ ਕੇ ਸ਼ਿਰਕਤ ਤਾਂ ਕੀਤੀ ਹੀ ਹੈ ਬਲਕਿ ਮਹਿਲਾਵਾਂ ਦੇ ਭਰਵੇਂ ਇਕੱਠ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਔਰਤਾਂ ਦੀ ਭਲਾਈ ਲਈ ਸਕੀਮਾਂ ਉਪਰ ਆਪਣੀ ਮੋਹਰ ਲਗਾਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਰਹੇਗੀ ਤੇ ਇਸ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਸਿਹਤ ਮੰਤਰੀ ਨੇ ਇਸ ਰੈਲੀ ਵਿੱਚ ਪੁੱਜੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ, ਵਾਇਸ ਚੇਅਰਮੈਨਾਂ, ਕੌਂਸਲਰਾਂ, ਸਰਪੰਚਾਂ, ਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਸਮੇਤ ਹੋਰ ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ।

ਸਮਾਰੋਹ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਅਮਰੀਕ ਸਿੰਘ ਬੰਗੜ, ਦਰਸ਼ਨ ਕੌਰ, ਸ਼ੰਕਰ ਖੁਰਾਣਾ, ‌ਸੰਜੀਵ ਗੁਪਤਾ, ਸੰਜੀਵ ਰਾਏ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਰਾਣਾ ਤੇ ਇੰਜ. ਸਤਵਿੰਦਰ ਸੈਣੀ, ਕਰਨਲ ਪੰਮਾ ਤੇ ਕਰਨਲ ਜੇ.ਵੀ., ਪ੍ਰਮੁੱਖ ਸਕੱਤਰ ਖੇਡ ਵਿਭਾਗ ਸਰਵਜੀਤ ਸਿੰਘ, ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀ ਦਮਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਹਲਕਾ ਨਿਵਾਸੀ ਮੌਜੂਦ ਸਨ। ਇਸ ਦੌਰਾਨ ਆੜਤੀਆ ਐਸੋਸੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

Exit mobile version