Homeਪੰਜਾਬਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ...

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਮੂਹ ਕਰਮਚਾਰੀਆਂ ਦੀ “ਨਮਸਤੇ” ਪੋਰਟਲ ਉਪਰ ਰਜਿਸਟਰੇਸ਼ਨ ਯਕੀਨੀ ਬਣਾਉਣ ਸਬੰਧੀ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼

ਸੰਗਰੂਰ, 12 ਅਪ੍ਰੈਲ (ਮਨੋਜ ਵਰਮਾ): ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ।

ਸ. ਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਕਮਿਸ਼ਨ ਦੇ ਉਪ ਚੇਅਰਮੈਨ ਨੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ” ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ ਗਰੁੱਪ ਜ਼ਰੂਰ ਦਰਜ ਕੀਤਾ ਜਾਵੇ। ਸਫ਼ਾਈ ਕਰਮਚਾਰੀਆਂ ਦਾ ਬੀਮਾ ਵੀ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਨਿਯਮਤ ਤੌਰ ‘ਤੇ ਸਿਹਤ ਜਾਂਚ ਕੈਂਪ ਲਾਏ ਜਾਣ ਅਤੇ ਸਫਾਈ ਕਰਮਚਾਰੀਆਂ ਦੀ ਸਿਹਤ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ।

ਸ. ਗਿੱਲ ਨੇ ਸਫਾਈ ਕਰਮਚਾਰੀਆਂ ਦੇ ਸੰਗਠਨਾਂ ਦੇ ਮੁਖੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਤੇ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਕਮਿਸ਼ਨ ਦੇ ਉਪ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ।

ਸ. ਗਿੱਲ ਵੱਲੋਂ ਹਦਾਇਤ ਕੀਤੀ ਗਈ ਕਿ ਸਫ਼ਾਈ ਕਰਮੀਆਂ ਦੀ ਸਹੀ ਗਿਣਤੀ, ਸਮਾਜਿਕ ਸਥਿਤੀ ਤੇ ਹਾਲਾਤ ਬਾਰੇ ਸਰਵੇ ਇਕ ਮਹੀਨੇ ਵਿਚ ਮੁਕੰਮਲ ਕਰ ਕੇ ਰਿਪੋਰਟ ਕੌਮੀ ਸਫ਼ਾਈ ਕਮਿਸ਼ਨ ਨੂੰ ਭੇਜੀ ਜਾਵੇ। ਇਸ ਦੇ ਨਾਲ-ਨਾਲ ਐਮ.ਐੱਸ. ਐਕਟ 2013 ਬਾਰੇ ਜਾਗਰੂਕਤਾ ਲਈ ਕੈਂਪ ਅਤੇ ਵਰਕਸ਼ਾਪਾਂ ਲਾਈਆਂ ਜਾਣ।

ਪੁਲਿਸ ਅਧਿਕਾਰੀਆਂ ਨੂੰ ਵੀ ਹਿਦਾਇਤ ਕੀਤੀ ਕਿ ਇਸ ਐਕਟ ਸਬੰਧੀ ਸਮੂਹ ਥਾਣਾ ਮੁਖੀਆਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਐਕਟ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ।

ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਜਲਦ ਤੋਂ ਜਲਦ ਭਰਨ ਦੀ ਵੀ ਹਦਾਇਤ

ਉੱਪ ਚੇਅਰਮੈਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਸਾਰੇ ਵਿਭਾਗਾਂ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਨੂੰ ਤੁਰੰਤ ਪ੍ਰਭਾਵ ਨਾਲ ਭਰਿਆ ਜਾਵੇ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੀ ਭਲਾਈ ਤੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਮੇਟੀਆਂ ਬਣਾਈਆਂ ਜਾਣ, ਜਿਨ੍ਹਾਂ ਦੀ ਹਰੇਕ 3 ਮਹੀਨੇ ਬਾਅਦ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਾਵੇ।

ਸਫਾਈ ਕਰਮਚਾਰੀਆਂ ਦਾ ਪ੍ਰੋਵੀਡੈਂਟ ਫੰਡ ਯਕੀਨੀ ਤੌਰ ‘ਤੇ ਜਮ੍ਹਾਂ ਕਰਵਾਉਣ ਲਈ ਕਿਹਾ

ਕਮਿਸ਼ਨ ਦੇ ਉਪ ਚੇਅਰਮੈਨ ਨੇ ਇਹ ਵੀ ਕਿਹਾ ਕਿ ਸਫਾਈ ਕਰਮਚਾਰੀਆਂ ਦਾ ਪ੍ਰੋਵੀਡੈਂਟ ਫੰਡ ਲਾਜ਼ਮੀ ਕੱਟ ਕੇ ਉਸ ਨੂੰ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਕਮਿਸ਼ਨ ਦੇ ਉੱਪ ਚੇਅਰਮੈਨ ਨੂੰ ਯਕੀਨ ਦਿਵਾਇਆ ਕਿ ਸਫ਼ਾਈ ਸੇਵਕਾਂ ਲਈ ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਜ਼ਿਲ੍ਹੇ ਵਿੱਚ ਸਫ਼ਾਈ ਕਰਮਚਾਰੀਆਂ ਸਬੰਧੀ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ, ਐੱਸ.ਪੀ. ਨਵਰੀਤ ਸਿੰਘ ਵਿਰਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments