ਆਗੂਆਂ ਨੇ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ
ਧੂਰੀ, 14 ਅਪ੍ਰੈਲ:(ਹਰਸ਼ਲੀਨ ਸਿੰਘ) ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਇਸ ਮਹਾਨ ਸ਼ਖਸੀਅਤ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (PSIEC) ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਵਿਜ਼ਨ ਨੂੰ ਹਕੀਕਤ ਵਿੱਚ ਬਦਲਣ ਲਈ ਸਮਾਜ ਦੇ ਹਰ ਵਰਗ ਦੇ ਸਮੂਹਿਕ ਸਹਿਯੋਗ ਅਤੇ ਨਿਰੰਤਰ ਯਤਨਾਂ ਦੀ ਲੋੜ ਹੈ। ਉਨ੍ਹਾਂ ਡਾ. ਅੰਬੇਡਕਰ ਨੂੰ ਇੱਕ ਮਾਰਗਦਰਸ਼ਕ ਸ਼ਕਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ “ਪੜ੍ਹੋ, ਜੁੜੋ, ਸੰਘਰਸ਼ ਕਰੋ” ‘ਤੇ ਚੱਲ ਕੇ ਹੀ ਸਮਾਜ ਤਰੱਕੀ ਅਤੇ ਬਰਾਬਰੀ ਦੇ ਰਾਹ ‘ਤੇ ਅੱਗੇ ਵਧ ਸਕਦਾ ਹੈ।
ਰਾਜਵੰਤ ਸਿੰਘ ਘੁੱਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਰਹਿਬਰਾਂ ਦੀਆਂ ਤਸਵੀਰਾਂ ਲਗਾਉਣਾ ਸਾਨੂੰ ਉਨ੍ਹਾਂ ਦੇ ਯੋਗਦਾਨ ਦੀ ਯਾਦ ਦਿਵਾਉਂਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਹੈ।
ਇਸ ਸਮਾਗਮ ਵਿੱਚ ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ, ਡਾਇਰੈਕਟਰ (ਸਮਾਲ ਸਕੇਲ ਇੰਡਸਟਰੀਜ਼) ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਐਡਵੋਕੇਟ ਹੈਪੀ ਗਰਗ, ਮਹਿਲਾ ਵਿੰਗ ਦੀ ਇੰਚਾਰਜ ਨਵਜੋਤ ਕੌਰ, ਰਮਨਦੀਪ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
