ਧੂਰੀ: 27 ਅਪ੍ਰੈਲ 2026 (ਮਨੋਜ ਵਰਮਾ): ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਚਲਾਈ ਜਾ ਰਹੀ ਮੁਹਿੰਮ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਤਹਿਤ ਅੱਜ ਧੂਰੀ ਦੇ ਵਾਰਡ ਨੰਬਰ 2 ਵਿੱਚ ਵਿਸ਼ੇਸ਼ ਜਨ-ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨਾਲ ਪੰਜਾਬ ਟਰੇਡਰਜ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਲੋਕ-ਪੱਖੀ ਨੀਤੀਆਂ ਨਾਲ ਆਈ ਵੱਡੀ ਤਬਦੀਲੀ
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ:
-
ਮਾਵਾਂ-ਧੀਆਂ ਸਤਿਕਾਰ ਯੋਜਨਾ: ਔਰਤਾਂ ਦੇ ਸਨਮਾਨ ਲਈ ਐਸ.ਸੀ. ਵਰਗ ਨੂੰ 1500 ਰੁਪਏ ਅਤੇ ਜਨਰਲ ਵਰਗ ਨੂੰ 1000 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾ ਰਹੀ ਹੈ।
-
ਬਿਜਲੀ ਤੇ ਪਾਣੀ ਦੀ ਸਹੂਲਤ: ਸੂਬੇ ਦੇ 90% ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਬਿਜਲੀ ਦੇ ਨਾਲ-ਨਾਲ 80% ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।
-
ਰੁਜ਼ਗਾਰ ਤੇ ਸਿਹਤ: ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਬਿਹਤਰ ਸਿਹਤ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ।
-
ਬਜ਼ੁਰਗਾਂ ਲਈ ਤੀਰਥ ਯਾਤਰਾ: 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸਫਲਤਾਪੂਰਵਕ ਚੱਲ ਰਹੀ ਹੈ।