ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ‘ਸ਼ੁਕਰਾਨਾ ਯਾਤਰਾ’ ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।
ਬੇਅਦਬੀ ਵਿਰੁੱਧ ਕਾਨੂੰਨ ‘ਤੇ ਵੱਡਾ ਬਿਆਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਵਰਗੀ ਸਖ਼ਤ ਸਜ਼ਾ ਸਬੰਧੀ ਕਾਨੂੰਨ ਵਿੱਚ ਸੋਧ ਕਰਨ ਦੀ ਸੇਵਾ ਗੁਰੂ ਮਹਾਰਾਜ ਨੇ ਉਨ੍ਹਾਂ ਤੋਂ ਲਈ ਹੈ। ਉਨ੍ਹਾਂ ਖੁਸ਼ੀ ਜ਼ਾਹਰ ਕੀਤੀ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਇਸ ਇਤਿਹਾਸਕ ਬਿੱਲ ਨੂੰ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਸੀਐਮ ਮਾਨ ਨੇ ਕਿਹਾ:
“ਮੈਂ ਭਾਗਾਂ ਵਾਲਾ ਹਾਂ ਕਿ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ। ਲੋਕਾਂ ਨੇ ਇਸ ਕਦਮ ਦਾ ਭਰਵਾਂ ਸਵਾਗਤ ਕੀਤਾ ਹੈ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਮੈਨੂੰ ਹਮੇਸ਼ਾ ਲੋਕ ਹਿੱਤ ਵਿੱਚ ਕੰਮ ਕਰਨ ਦਾ ਬਲ ਬਖਸ਼ਣ।”
ED ਦੀਆਂ ਰੇਡਾਂ ਅਤੇ ਵਿਰੋਧੀਆਂ ‘ਤੇ ਨਿਸ਼ਾਨਾ
ਸੂਬੇ ਵਿੱਚ ED (ਇਨਫੋਰਸਮੈਂਟ ਡਾਇਰੈਕਟੋਰੇਟ) ਦੀਆਂ ਹਾਲੀਆ ਕਾਰਵਾਈਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਇਨ੍ਹਾਂ ਰੇਡਾਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇੱਕ ਨਿੱਜੀ ਕੰਪਨੀ ਵਿਰੁੱਧ ਹੈ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਜਾਂ ਵਰਕਰ ਇਸ ਵਿੱਚ ਸ਼ਾਮਲ ਨਹੀਂ ਹੈ।
SGPC ਚੋਣਾਂ ਵਿੱਚ ਹੋ ਰਹੀ ਦੇਰੀ ਲਈ ਉਨ੍ਹਾਂ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਇਲਜ਼ਾਮ ਲਾਇਆ ਕਿ SGPC ਦੇ ‘ਆਕਾ’ ਆਪਣੀ ਸਿਆਸੀ ਹੋਂਦ ਬਚਾਉਣ ਲਈ ਚੋਣਾਂ ਨਹੀਂ ਕਰਵਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕ ਹੀ ਅੱਜ ਕਾਨੂੰਨ ਦੀ ਮਨਜ਼ੂਰੀ ਵਿੱਚ ਰੋੜੇ ਅਟਕਾ ਰਹੇ ਹਨ।
ਸਪੀਕਰ ਸੰਧਵਾਂ ਦੀ ਪੇਸ਼ੀ ‘ਤੇ ਪ੍ਰਤੀਕਿਰਿਆ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਪੀਕਰ ਭਲਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਯਾਦ ਕਰਵਾਇਆ ਕਿ ਬੇਅਦਬੀ ਵਿਰੁੱਧ ਇਹ ਕਾਨੂੰਨ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੀ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ ਸੀ।









