
ਧੂਰੀ, 14 ਮਈ:(ਹਰਸ਼ਲੀਨ ਸਿੰਘ)
ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।
ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਅਣਸੁਝੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।
ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।