Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ...

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

0

ਪਟਨਾ:18 ਮਈ (ਛਤਰਪਾਲ ਸਿੰਘ):ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ ਅਤੇ ਨੰਨ੍ਹੀ ਬੇਟੀ ਸਮੇਤ ਬਿਹਾਰ ਦੀ ਇਤਿਹਾਸਕ ਧਰਤੀ ‘ਤੇ ਸਥਿਤ ਸਿੱਖ ਕੌਮ ਦੇ ਦੂਜੇ ਸਰਵਉੱਚ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਪਟਨਾ ਏਅਰਪੋਰਟ ‘ਤੇ ਪਹੁੰਚਣ ‘ਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਵਕਤਾ ਸੁਦੀਪ ਸਿੰਘ, ਹਰਦੇਵ ਸਿੰਘ ਸੋਹੀ, ਮਨਵਿੰਦਰ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਮੁੱਖ ਮੰਤਰੀ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ।

ਗੁਰੂ ਚਰਨਾਂ ‘ਚ ਟੇਕਿਆ ਮੱਥਾ, ‘ਗੋਬਿੰਦ ਪ੍ਰਕਾਸ਼’ ਮੈਗਜ਼ੀਨ ਕੀਤੀ ਰਿਲੀਜ਼

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਮਾਨ ਨੂੰ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ। ਸੀ.ਐੱਮ. ਮਾਨ ਨੇ ਪਰਿਵਾਰ ਸਮੇਤ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਤੇ ਸ਼ਸਤਰਾਂ ਦੇ ਦਰਸ਼ਨ ਦੀਦਾਰ ਕੀਤੇ। ਇਸ ਪਵਿੱਤਰ ਮੌਕੇ ‘ਤੇ ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਤਖ਼ਤ ਸਾਹਿਬ ਦੀ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਤਖ਼ਤ ਸਾਹਿਬ ਦੀ ਵੱਕਾਰੀ ਮੈਗਜ਼ੀਨ “ਗੋਬਿੰਦ ਪ੍ਰਕਾਸ਼” ਦੇ ਮਈ ਮਹੀਨੇ ਦੇ ਵਿਸ਼ੇਸ਼ ਅੰਕ ਦਾ ਵਿਮੋਚਨ (ਰਿਲੀਜ਼) ਵੀ ਕੀਤਾ ਗਿਆ।

ਗੁਰੂ ਕੇ ਬਾਗ ਵਿਖੇ ਲਗਾਇਆ ਸ਼ੁਕਰਾਨੇ ਦਾ ਪੌਦਾ

ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਭਗਵੰਤ ਮਾਨ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਪਹੁੰਚੇ। ਇੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹੋਏ ਇੱਕ ਪੌਦਾ ਲਗਾਇਆ। ਪਰਿਵਾਰ ਮੁਤਾਬਕ, ਇਸੇ ਪਵਿੱਤਰ ਸਥਾਨ ‘ਤੇ ਕੀਤੀ ਗਈ ਅਰਦਾਸ ਸਦਕਾ ਉਨ੍ਹਾਂ ਦੇ ਘਰ ਬੇਟੀ (ਬੱਚੇ ਦੀ ਦਾਤ) ਦਾ ਜਨਮ ਹੋਇਆ ਹੈ, ਜਿਸ ਦੇ ਸ਼ੁਕਰਾਨੇ ਵਜੋਂ ਅੱਜ ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਕਰਦਿਆਂ ਮੁੜ ਪੌਦਾ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਤੋਂ ਬਾਅਦ ਉਹ ਗੁਰਦੁਆਰਾ ਬਾਲ ਲੀਲਾ ਵਿਖੇ ਵੀ ਨਤਮਸਤਕ ਹੋਏ, ਜਿੱਥੇ ਕਾਰ ਸੇਵਾ ਬਾਬਾ ਭੂਰੀ ਵਾਲੇ ਮੁਖੀ ਬਾਬਾ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਤਖ਼ਤ ਸਾਹਿਬ ਦੇ ਪ੍ਰਬੰਧਾਂ ਅਤੇ ਪ੍ਰਧਾਨ ਸੋਹੀ ਦੀ ਕੀਤੀ ਤਾਰੀਫ਼

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਵੱਡਾ ਸੌਭਾਗ ਹੈ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ‘ਤੇ ਮੁੜ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਤਖ਼ਤ ਸਾਹਿਬ ਦੇ ਸੁਚੱਜੇ ਪ੍ਰਬੰਧ, ਲੰਗਰ ਦੀ ਵਿਵਸਥਾ ਅਤੇ ਬਿਹਤਰੀਨ ਸਫ਼ਾਈ ਲਈ ਪ੍ਰਬੰਧਕ ਕਮੇਟੀ ਦੇ ਕੰਮਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਖ਼ਾਸ ਕਰਕੇ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਮੁਖੀ ਵਜੋਂ ਉਨ੍ਹਾਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਅਤੇ ਫ਼ਰਜ਼ਸ਼ਨਾਸੀ ਨਾਲ ਨਿਭਾ ਰਹੇ ਹਨ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਤੋਂ ਪਟਨਾ ਸਾਹਿਬ ਆਉਣ ਵਾਲੀ ਸੰਗਤ ਵੀ ਹਮੇਸ਼ਾ ਇੱਥੋਂ ਦੇ ਪ੍ਰਬੰਧਾਂ ਦੀ ਕਾਫੀ ਤਾਰੀਫ਼ ਕਰਦੀ ਹੈ।

Exit mobile version