Home ਪਟਿਆਲਾ ਅਪਡੇਟ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ: ਰਾਜਪਾਲ...

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ: ਰਾਜਪਾਲ ਗੁਲਾਬ ਚੰਦ ਕਟਾਰੀਆ

0
ਨਾਭਾ ਵਿਖੇ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਸ਼ਤਾਬਦੀ ਸਮਾਰੋਹ ਧੂਮਧਾਮ ਨਾਲ ਕਰਵਾਇਆ
ਪਟਿਆਲਾ / ਨਾਭਾ, 17 ਮਈ (ਮਨੋਜ ਵਰਮਾ): ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਇਤਿਹਾਸ ਸੂਰਵੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ। ਰਾਜਪਾਲ ਕਟਾਰੀਆ ਅੱਜ ਇੱਥੇ ‘ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ’ ਵੱਲੋਂ ਦਿੱਲੀ ਫ਼ਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਵਸ ਮੌਕੇ ਕਰਵਾਏ ਗਏ ਵਿਸ਼ੇਸ਼ ਜਨਮ ਸ਼ਤਾਬਦੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ।

ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ ਹੈ ਤਾਂ ਜੋ ਉਹ ਆਪਣੇ ਅਮੀਰ ਵਿਰਸੇ ਅਤੇ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਵਿੱਚ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਸਮਾਗਮ ਦੀ ਸ਼ੁਰੂਆਤ ਅਤੇ ਗਵਰਨਰ ਦਾ ਵਿਸ਼ੇਸ਼ ਸਨਮਾਨ
ਸਮਾਗਮ ਦੀ ਸ਼ੁਰੂਆਤ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਦੌਰਾਨ ਸੰਤ ਨਰਿੰਦਰ ਸਿੰਘ ਜੀ ਅਲਹੌਰਾਂ ਵਾਲਿਆਂ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਹਸਤਾਖਰ ਕਰਨ ਲਈ ਪੰਜਾਬ ਦੇ ਗਵਰਨਰ (ਰਾਜਪਾਲ) ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਮਹਾਰਾਜਾ ਰਾਮਗੜ੍ਹੀਆ ਦਾ ਯੋਗਦਾਨ ਅਤੇ ‘ਰਾਮਗੜ੍ਹੀਆ ਚੇਅਰ’ ਦੀ ਮੰਗ
ਸਮਾਗਮ ਦੌਰਾਨ ਭਗਵੰਤ ਸਿੰਘ ਰਾਮਗੜ੍ਹੀਆ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇੱਕ ਮਹਾਨ ਯੋਧੇ ਹੀ ਨਹੀਂ ਸਗੋਂ ਕੌਮ ਦੇ ਮਾਣ ਅਤੇ ਸ਼ਾਨ ਦੇ ਪ੍ਰਤੀਕ ਸਨ। ਉਨ੍ਹਾਂ ਨੇ ਪੰਜਾਬ ਅਤੇ ਸਿੱਖ ਇਤਿਹਾਸ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਹਰ ਪਰਿਵਾਰ ਨੂੰ ਆਪਣੇ ਬੱਚਿਆਂ ਨੂੰ ਇਸ ਇਤਿਹਾਸ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਅਵਤਾਰ ਸਿੰਘ ਨੰਨੜੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ “ਰਾਮਗੜ੍ਹੀਆ ਚੇਅਰ” ਸਥਾਪਤ ਹੋਣੀ ਚਾਹੀਦੀ ਹੈ, ਤਾਂ ਜੋ ਵਿਦਿਆਰਥੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਮਗੜ੍ਹੀਆ ਇਤਿਹਾਸ, ਸਭਿਆਚਾਰ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਖੋਜ ਭਰਪੂਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ।

ਪਤਵੰਤੇ ਸੱਜਣਾਂ ਦੀ ਹਾਜ਼ਰੀ
ਵਿਸ਼ਵਕਰਮਾ ਵੈਲਫੇਅਰ ਸੁਸਾਇਟੀ (ਰਜਿ.) ਨਾਭਾ ਦੇ ਅਹੁਦੇਦਾਰਾਂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।
ਹਾਜ਼ਰ ਪ੍ਰਮੁੱਖ ਸ਼ਖਸੀਅਤਾਂ: ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸੁਸਾਇਟੀ ਪ੍ਰਬੰਧਕ ਚਰਨ ਸਿੰਘ, ਮਲਕੀਤ ਕੰਬਾਈਨ, ਹਰੀ ਸਿੰਘ, ਅਵਤਾਰ ਸਿੰਘ ਨੰਨੜੇ, ਮੋਹਨ ਸਿੰਘ ਮਾਲੇਰਕੋਟਲਾ, ਪ੍ਰੇਮ ਸਿੰਘ, ਗੁਰਚਰਨ ਸਿੰਘ, ਪਰਮਜੀਤ ਕੈਂਥ, ਹਰਮਿੰਦਰ ਸਿੰਘ ਨੀਟਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਹਾਜ਼ਰ ਸਨ।

Exit mobile version