ਅੰਮ੍ਰਿਤਸਰ/ਜਲੰਧਰ:19 ਮਈ (ਛਤਰਪਾਲ ਸਿੰਘ):ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਇੱਕ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਜਗਤ ਅਤੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਕਾਰਨ ਲਗਾਤਾਰ ਵਧ ਰਹੀਆਂ ਘਟਨਾਵਾਂ: ਐਡਵੋਕੇਟ ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਅੰਦਰ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਸਿੱਧਾ ਦੋਸ਼ ਲਾਇਆ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਸ਼ਰਾਰਤੀ ਅਨਸਰਾਂ ਅਤੇ ਦੋਸ਼ੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਹਨ।
ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼, ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਵੇ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ:
“ਗੁਰਬਾਣੀ ਸਮੁੱਚੀ ਮਨੁੱਖਤਾ ਨੂੰ ਜੀਵਨ ਜਿਊਣ ਦੀ ਸੇਧ ਪ੍ਰਦਾਨ ਕਰਦੀ ਹੈ ਅਤੇ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਸਮਾਜ ਵਿਰੋਧੀ ਲੋਕ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਜਿੱਥੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰ ਰਹੇ ਹਨ, ਉੱਥੇ ਹੀ ਇਹ ਸੂਬੇ ਦੀ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਇੱਕ ਵੱਡਾ ਖ਼ਤਰਾ ਹਨ।”
ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਦਾ ਇਹ ਫਰਜ਼ ਬਣਦਾ ਹੈ ਕਿ ਉਹ ਘਟਨਾ ਦੇ ਅਸਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਅਤੇ ਇਸ ਸਾਜ਼ਿਸ਼ ਦੇ ਪਿੱਛੇ ਕੰਮ ਕਰ ਰਹੀਆਂ ਦੇਸ਼-ਵਿਰੋਧੀ ਸ਼ਕਤੀਆਂ ਤੇ ਚਿਹਰਿਆਂ ਨੂੰ ਬੇਨਕਾਬ ਕਰਕੇ ਜਨਤਾ ਦੇ ਸਾਹਮਣੇ ਲਿਆਵੇ।
ਸੰਗਤਾਂ ਨੂੰ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਕਰਨ ਦੀ ਅਪੀਲ
ਐਡਵੋਕੇਟ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵੀ ਇੱਕ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ, ਪਾਵਨ ਪੋਥੀਆਂ ਅਤੇ ਧਾਰਮਿਕ ਸਾਹਿਤ ਦੀ ਸਿੱਖ ਰਹਿਤ ਮਰਯਾਦਾ ਅਨੁਸਾਰ ਪੂਰਨ ਸਤਿਕਾਰ ਸਹਿਤ ਸੰਭਾਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਿਨਾਉਣੀ ਹਰਕਤ ਨਾ ਕਰ ਸਕੇ।
