Homeਪਟਿਆਲਾ ਅਪਡੇਟਪਟਿਆਲਾ ' ਚ ਸੜਕ ਸੁਰੱਖਿਆ ਲਈ ਡੀ ਸੀ ਡਾ.ਹਿਮਾਂਸ਼ੂ ਅਗਰਵਾਲ ਦੇ ਸਖ਼ਤ...

ਪਟਿਆਲਾ ‘ ਚ ਸੜਕ ਸੁਰੱਖਿਆ ਲਈ ਡੀ ਸੀ ਡਾ.ਹਿਮਾਂਸ਼ੂ ਅਗਰਵਾਲ ਦੇ ਸਖ਼ਤ ਹੁਕਮ

ਗਲਤ ਪਾਰਕਿੰਗ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ – ਡੀ ਸੀ

ਪਟਿਆਲਾ, 24 ਮਈ : (ਮਨੋਜ ਵਰਮਾ) ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਟ੍ਰੈਫਿਕ ਪੁਲਿਸ ਅਤੇ ਹੋਰ ਵਿਭਾਗਾਂ ਤੋਂ ਸ਼ਹਿਰ ਦੇ ਮੁੱਖ ਟ੍ਰੈਫਿਕ ਪੁਆਇੰਟਾਂ ਜਿਵੇਂ ਖੰਡਾ ਚੌਂਕ, ਨਿਊ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਕੋਹਲੀ ਸਵੀਟ, ਗੁੜ ਮੰਡੀ, ਗਗਨ ਚੌਂਕ, ਖਾਲਸਾ ਕਾਲਜ, ਰਾਜਪੁਰਾ ਅਤੇ ਨਾਭਾ ਖੇਤਰਾਂ ਦੀ ਸਥਿਤੀ ਬਾਰੇ ਵਿਸਥਾਰ ਨਾਲ
ਜਾਣਕਾਰੀ ਲਈ।

ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਹੋਰ ਸੰਸਥਾਵਾਂ ਨੂੰ ਆਪਣੀ ਪਾਰਕਿੰਗ ਦੀ ਵਿਵਸਥਾ ਆਪਣੇ ਪੱਧਰ ‘ਤੇ ਕਰਨੀ ਹੋਵੇਗੀ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੀਆਂ ਸੰਸਥਾਵਾਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਨਗੀਆਂ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਪ੍ਰਾਪਰਟੀ ਜਬਤ ਕੀਤੀ ਜਾ ਸਕਦੀ ਹੈ।

ਡੀ.ਸੀ. ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਕੋਲ ਪਾਰਕਿੰਗ ਲਈ ਯੋਗ ਜਗ੍ਹਾ ਨਹੀਂ ਹੈ ਤਾਂ ਉਹ ਕਰਮਚਾਰੀ ਹਾਇਰ ਕਰਨ ਜੋ ਲੋਕਾਂ ਦੀਆਂ ਗੱਡੀਆਂ ਨੂੰ ਸੁਚੱਜੇ ਢੰਗ ਨਾਲ ਪਾਰਕ ਕਰਵਾਉਣ ਵਿੱਚ ਮਦਦ ਕਰਨ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਖੜ੍ਹੇ ਵਾਹਨ ਟ੍ਰੈਫਿਕ ਜਾਮ ਅਤੇ ਹਾਦਸਿਆਂ ਦਾ ਵੱਡਾ ਕਾਰਨ ਬਣ ਰਹੇ ਹਨ, ਜਿਸ ਨੂੰ ਰੋਕਣਾ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਅਤੇ ਬਿਨਾਂ ਲਾਇਸੈਂਸ ਵਾਹਨ ਸੜਕਾਂ ‘ਤੇ ਲਿਆਂਦੇ ਜਾਣ ਦੇ ਮਾਮਲੇ ਵੀ ਮੀਟਿੰਗ ਵਿੱਚ ਗੰਭੀਰਤਾ ਨਾਲ ਚਰਚਾ ਵਿੱਚ ਆਏ। ਇਸ ‘ਤੇ ਡੀ.ਸੀ. ਨੇ ਟ੍ਰੈਫਿਕ ਪੁਲਿਸ ਨੂੰ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਨਗਰ ਨਿਗਮ ਨਾਲ ਤਾਲਮੇਲ ਕਰਕੇ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਸਬੰਧੀ ਸਾਈਨ ਬੋਰਡ ਲਗਾਉਣ ਦੀ ਹਦਾਇਤ ਵੀ ਕੀਤੀ।

ਡਾ ਹਿਮਾਂਸ਼ੂ ਅਗਰਵਾਲ ਨੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹੁਕਮ ਦਿੱਤੇ ਕਿ ਜ਼ਿਲ੍ਹੇ ਦੇ ਹਰ ਸਕੂਲ ਵਿੱਚ ਪਾਲਿਸੀ ਦੀ ਪਾਲਣਾ ਕੀਤੀ ਜਾਵੇ । ਸਕੂਲ ਦੇ ਮੁੱਖ ਗੇਟ ਤੇ ਸੀ ਸੀ ਟੀ ਵੀ ਕੈਮਰੇ ਲੱਗੇ ਹੋਣ ਅਤੇ ਰੋਡ ਸੇਫ਼ਟੀ ਲਈ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਜਾਣ।

ਡੀ.ਸੀ. ਨੇ ਜਿਲ੍ਹਾ ਬਾਲ ਸੁਰਖਿਆ ਅਫ਼ਸਰ ਸ਼ਾਇਨਾ ਕਪੂਰ ਨੂੰ ਕਿਹਾ ਕਿ ਸਕੂਲ ਬੱਸ ਚਾਲਕਾਂ ਦੇ ਡਰਾਈਵਿੰਗ ਲਾਇਸੈਂਸ ਸਮੇਂ-ਸਮੇਂ ‘ਤੇ ਚੈੱਕ ਕੀਤੇ ਜਾਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣ। ਓਹਨਾ, ਜਿਹੜੇ ਬੱਚੇ ਸਕੂਲ ਬੱਸਾਂ ਦੀ ਬਜਾਏ ਨਿੱਜੀ ਵਾਹਨਾਂ ਰਾਹੀਂ ਸਕੂਲ ਜਾਂਦੇ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਪਿਆਂ ਅਤੇ ਸਕੂਲ ਪ੍ਰਸ਼ਾਸ਼ਨ ਨੂੰ ਧਿਆਨ ਦੇਣ ਲਈ ਕਿਹਾ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸੜਕ ਸੁਰੱਖਿਆ ਸਬੰਧੀ ਸੁਝਾਅ ਵੀ ਪੇਸ਼ ਕੀਤੇ ਗਏ। ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸੜਕ ਹਾਦਸਿਆਂ ਕਾਰਨ ਹਰ ਸਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਪਰ ਛੋਟੇ-ਛੋਟੇ ਸੁਧਾਰ, ਸੜਕਾਂ ਦੀ ਮੁਰੰਮਤ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਇਨ੍ਹਾਂ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਸੜਕ ਹਾਦਸਿਆਂ ਦੀ ਦਰ ਨੂੰ ਜ਼ੀਰੋ ਤੱਕ ਲਿਆਂਦਾ ਜਾ ਸਕੇ। ਡੀ.ਸੀ. ਨੇ ਆਈ.ਆਰ.ਏ.ਡੀ. ਪ੍ਰਣਾਲੀ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣ ਲਈ ਟਰਾਂਸਪੋਰਟ, ਪੁਲਿਸ, ਸਿਹਤ ਅਤੇ ਹਾਈਵੇਅ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ।

ਇਸ ਮੌਕੇ ਐਸ.ਐਸ.ਪੀ. ਟ੍ਰੈਫਿਕ ਅਤੇ ਸੁਰੱਖਿਆ ਵੱਲੋਂ ਸ਼ਹਿਰ ਦੇ ਸੜਕ ਹਾਦਸਿਆਂ ਵਾਲੇ ਬਲੈਕ ਸਪਾਟਾਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਵੇਦਨਸ਼ੀਲ ਥਾਵਾਂ ‘ਤੇ ਹਾਦਸਿਆਂ ਦੀ ਗਿਣਤੀ ਘਟਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਅੰਤ ਵਿਚ ਡਿਪਟੀ ਕਮਿਸ਼ਨਰ ਨੇ ਅਗਲੇ ਛੇ ਮਹੀਨਿਆਂ ‘ ਚ ਜਿਲ੍ਹੇ ਦੇ ਬਲੈਕ ਸਪੋਟ
ਘਟਾਉਣ ਲਈ ਸਾਰੇ ਵਿਭਾਗਾਂ ਨੂੰ ਜ਼ੋਰ ਲਾਉਣ ਦੇ ਨਿਰਦੇਸ਼ ਦਿੱਤੇ ਅਤੇ ਜੇਕਰ ਕੋਈ ਐਕਸੀਡੈਂਟ ਹੁੰਦਾ ਹੈ ਤਾਂ ਸਬੰਧਤ ਵਿਭਾਗ ਦੀ ਜਿੰਮੇਵਾਰੀ ਫਿਕਸ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਏ ਡੀ ਸੀ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਆਰ ਟੀ ਓ ਡਾ ਪੂਨਮਪ੍ਰੀਤ ਕੌਰ , ਏ ਟੀ ਓ ਮਨਜੋਤ ਸਿੰਘ, ਐਸ ਪੀ ਟ੍ਰੈਫਿਕ ਐੱਚ ਐਸ ਮਾਨ,ਡੀ ਐੱਸ ਪੀ ਟ੍ਰੈਫਿਕ ਪੁਨੀਤ ਸਿੰਘ ਚਾਹਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments