Home ਪੰਜਾਬ ਬਠਿੰਡਾ ‘ਚ ਸਿਹਤ ਮੁਲਾਜ਼ਮਾਂ ਵੱਲੋਂ OPD ਸੇਵਾਵਾਂ ਮੁਕੰਮਲ ਬੰਦ; ਸਿਵਲ ਸਰਜਨ ਦਫ਼ਤਰ...

ਬਠਿੰਡਾ ‘ਚ ਸਿਹਤ ਮੁਲਾਜ਼ਮਾਂ ਵੱਲੋਂ OPD ਸੇਵਾਵਾਂ ਮੁਕੰਮਲ ਬੰਦ; ਸਿਵਲ ਸਰਜਨ ਦਫ਼ਤਰ ਅੱਗੇ ਮਾਰਿਆ ਵਿਸ਼ਾਲ ਧਰਨਾ

0

ਬਠਿੰਡਾ, 28 ਮਈ (ਛਤਰਪਾਲ ਸਿੰਘ): ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਸਿਹਤ ਮਹਿਕਮੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਪੂਰੇ ਜ਼ਿਲ੍ਹੇ ਦੀਆਂ ਓ.ਪੀ.ਡੀ. (OPD) ਸੇਵਾਵਾਂ ਨੂੰ ਮੁਕੰਮਲ ਤੌਰ ‘ਤੇ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਦੇ ਅੱਗੇ ਇੱਕ ਵਿਸ਼ਾਲ ਅਤੇ ਰੋਸ ਭਰਪੂਰ ਧਰਨਾ ਦਿੱਤਾ ਗਿਆ। ਜ਼ਿਲ੍ਹੇ ਭਰ ਵਿੱਚ ਓਪੀਡੀ ਸੇਵਾਵਾਂ ਠੱਪ ਰਹਿਣ ਕਾਰਨ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਮੁਲਾਜ਼ਮਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਸਮਰਥਨ

ਅੱਜ ਦੇ ਇਸ ਵਿਸ਼ਾਲ ਰੋਸ ਪ੍ਰਦਰਸ਼ਨ ਦੀ ਖ਼ਾਸ ਗੱਲ ਇਹ ਰਹੀ ਕਿ ਸਿਹਤ ਮੁਲਾਜ਼ਮਾਂ ਦੇ ਨਾਲ-ਨਾਲ ਸਮੂਹ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਧਰਨੇ ਨੂੰ ਆਪਣਾ ਪੂਰਨ ਸਮਰਥਨ ਦਿੱਤਾ। ਧਰਨਾਕਾਰੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਦੇ ਹੱਕ ਵਿੱਚ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਤਲਵੰਡੀ ਸਾਬੋ ਤੋਂ ਸ਼ੁਰੂ ਹੋਏ ਸੰਘਰਸ਼ ਦੀ ਲਗਾਤਾਰਤਾ

ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਦੇ ਸੂਬਾ ਪ੍ਰਧਾਨ ਸਾਥੀ ਗਗਨਦੀਪ ਸਿੰਘ ਭੁੱਲਰ, ਆਊਟ ਸੋਰਸ ਸਿਹਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਤਾਲਮੇਲ ਕਮੇਟੀ ਪੈਰਾ ਮੈਡੀਕਲ ਦੇ ਜ਼ਿਲ੍ਹਾ ਕਨਵੀਨਰ ਮਨੀਸ਼ ਕੁਮਾਰ ਅਤੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਤਲਵੰਡੀ ਸਾਬੋ ਦੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਨੇ ਸਾਂਝੇ ਤੌਰ ‘ਤੇ ਆਖਿਆ ਕਿ ਇਹ ਤਿੱਖਾ ਰੋਸ ਪ੍ਰਦਰਸ਼ਨ ਪਿਛਲੀ 25 ਮਈ ਨੂੰ ਤਲਵੰਡੀ ਸਾਬੋ ਹਸਪਤਾਲ ਵਿਖੇ ਲਗਾਏ ਗਏ ਧਰਨੇ ਦੀ ਹੀ ਲਗਾਤਾਰਤਾ ਵਿੱਚ ਹੈ।

ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦਾ ਤੁਰੰਤ ਕੋਈ ਸਾਰਥਕ ਹੱਲ ਨਾ ਕੱਢਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਅਤੇ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਸਰਕਾਰ ਦੀ ਹੋਵੇਗੀ।

Exit mobile version