ਇਸ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਮਹੀਨਾ-ਭਰ ਚੱਲਣ ਵਾਲੇ ਇਸ ਦੇਸ਼ ਵਿਆਪੀ ਅਭਿਆਨ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿੱਟੀ-ਪਰਖ ਅਧਾਰਿਤ ਸੰਤੁਲਿਤ ਖਾਦ ਪ੍ਰਬੰਧ, ਯੂਰੀਆ ਅਤੇ ਫਾਸਫੋਰਸ ਖਾਦ ਦੀ ਬੱਚਤ, ਜੀਵਾਣੂੰ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਦੇ ਫਾਇਦਿਆਂ, ਟਿਕਾਊ ਖੇਤੀਬਾੜੀ ਲਈ ਨਵੀਆਂ ਤਕਨੀਕਾਂ, ਜੈਵਿਕ ਖੇਤੀ ਅਤੇ ਖੇਤੀ ਲਾਗਤ ਘੱਟ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਇਸ ਅਭਿਆਨ ਤਹਿਤ ਪਿੰਡ ਸਾਰੋਂ, ਬਲਾਕ ਸੰਗਰੂਰ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਾ ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਵੀ ਕਿਸਾਨਾਂ ਨਾਲ ਮਿੱਟੀ ਦੀ ਸਿਹਤ ਸੁਧਾਰਨ ਲਈ ਵਿਚਾਰ-ਚਰਚਾ ਕਰਦੇ ਹੋਏ ਫਸਲੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ, ਦੇਸੀ ਰੂੜੀ, ਹਰੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਉਹਨਾਂ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਰਿਪੋਰਟ ਅਨੁਸਾਰ ਹੀ ਖੇਤਾਂ ਵਿੱਚ ਯੂਰੀਆ, ਡੀ ਏ ਪੀ ਅਤੇ ਹੋਰ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਦੱਸਿਆ ਕਿ ਜੇਕਰ ਪਿੱਛੇ ਬੀਜੀ ਕਣਕ ਨੂੰ ਡੀ ਏ ਪੀ ਖਾਦ ਦੀ ਸਿਫਾਰਿਸ਼ ਕੀਤੀ ਮਾਤਰਾ ਪਾਈ ਗਈ ਹੋਵੇ, ਤਾਂ ਉੱਥੇ ਸਾਉਣੀ ਵਿੱਚ ਝੋਨੇ ਅਤੇ ਬਾਸਮਤੀ ਨੂੰ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਝੋਨੇ ਵਿੱਚ ਏਕੀਕ੍ਰਿਤ ਨਦੀਨ ਪ੍ਰਬੰਧ ਬਾਰੇ ਵੀ ਵਿਸਥਾਰਪੂਰਵਕ ਦੱਸਿਆ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨਾਲ ਝੋਨੇ ਦੀ ਮਸ਼ੀਨੀ ਲੁਆਈ ਲਈ ਮੈਟ ਟਾਈਪ ਪਨੀਰੀ ਤਿਆਰ ਕਰਨ ਦੀ ਵਿਧੀ ਅਤੇ ਲੁਆਈ ਦੇ ਢੰਗ ਬਾਬਤ ਜਾਣਕਾਰੀ ਸਾਂਝੀ ਕੀਤੀ। ਕੈਂਪ ਦੇ ਅਖੀਰ ਵਿੱਚ ਕਿਸਾਨਾਂ ਦੇ ਝੋਨੇ ਦੀ ਕਾਸ਼ਤ ਨਾਲ ਸੰਬੰਧਿਤ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।









