Home ਪੰਜਾਬ ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ...

ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ 68 ਸਾਲ ਦੀ ਉਮਰ ‘ਚ ਦੇਹਾਂਤ

0
ਉੱਘੇ ਲੇਖਕ ਅਤੇ ਸਮਾਜ ਸੇਵਕ ਸਵਰਨ ਸਿੰਘ ਭੰਗੂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਲਏ ਆਖ਼ਰੀ ਸਾਹ; ਇਲਾਕੇ ਚ ਸੋਗ ਦੀ ਲਹਿਰ

ਸਵਰਨ ਸਿੰਘ ਭੰਗੂ ਆਪਣੀ ਪਤਨੀ ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨਾਲ

ਸ੍ਰੀ ਚਮਕੌਰ ਸਾਹਿਬ/ਰੋਪੜ: 4 ਜੂਨ 2026 (ਛਤਰਪਾਲ ਸਿੰਘ): ਪੱਤਰਕਾਰੀ ਜਗਤ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੋਜ਼ਾਨਾ “ਅਜੀਤ” ਉਪ-ਦਫ਼ਤਰ ਰੋਪੜ ਦੇ ਸਾਬਕਾ ਇੰਚਾਰਜ, ਕਲਮ ਦੇ ਧਨੀ ਅਤੇ ਗਰੀਬਾਂ-ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ (68) ਅੱਜ ਤੜਕਸਾਰ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਸ੍ਰੀ ਚਮਕੌਰ ਸਾਹਿਬ ਦੇ ਰਹਿਣ ਵਾਲੇ ਸਵਰਨ ਸਿੰਘ ਭੰਗੂ ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਤੇ ਮਸ਼ਹੂਰ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਭੰਗੂ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ।

ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਘਾਟਾ

ਸਵਰਨ ਸਿੰਘ ਭੰਗੂ ਜਿੱਥੇ ਪੱਤਰਕਾਰੀ ਦੇ ਖੇਤਰ ਵਿੱਚ ਇੱਕ ਉੱਚਾ ਮੁਕਾਮ ਰੱਖਦੇ ਸਨ, ਉੱਥੇ ਹੀ ਉਹ ਸਿੱਖਿਆ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਹਮੇਸ਼ਾ ਮੋਹਰੀ ਰਹਿੰਦੇ ਸਨ। ਉਹ ਕੰਗ ਮੈਮੋਰੀਅਲ ਅਕੈਡਮੀ ਬੱਸੀ ਗੁੱਜਰਾਂ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਸਾਦਗੀ, ਸੇਵਾ ਅਤੇ ਸੱਚ ਦੇ ਮੰਤਰ ਨੂੰ ਅਪਣਾਇਆ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹੇ।

ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਜਿੱਥੇ ਪੱਤਰਕਾਰੀ ਭਾਈਚਾਰੇ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ, ਉੱਥੇ ਹੀ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਵੱਡਾ ਸੂਨਾਪਣ ਪੈਦਾ ਹੋ ਗਿਆ ਹੈ। ਉਨ੍ਹਾਂ ਦੇ ਸਾਥੀ ਪੱਤਰਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭੰਗੂ ਜੀ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲੀਆ ਅਤੇ ਉਹ ਨਵੀਂ ਪੀੜ੍ਹੀ ਦੇ ਪੱਤਰਕਾਰਾਂ ਲਈ ਹਮੇਸ਼ਾ ਇੱਕ ਪ੍ਰੇਰਨਾ ਸਰੋਤ ਰਹਿਣਗੇ।

ਵੱਖ-ਵੱਖ ਸ਼ਖਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਇਸ ਦੁਖਦਾਈ ਖ਼ਬਰ ਦਾ ਪਤਾ ਲੱਗਦਿਆਂ ਹੀ ਅਦਾਰਾ ‘ਦੇਸ਼ ਕਲਿੱਕ’ ਦੇ ਸੰਪਾਦਕ ਸੁਖਦੇਵ ਸਿੰਘ ਪਟਵਾਰੀ ਸਮੇਤ ਇਲਾਕੇ ਦੀਆਂ ਸਮੂਹ ਸਿਆਸੀ, ਸਮਾਜਿਕ, ਧਾਰਮਿਕ ਅਤੇ ਪੱਤਰਕਾਰੀ ਜਗਤ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਭੰਗੂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਸ ਅਸਹਿ ਤੇ ਅਕਹਿ ਭਾਣੇ ਨੂੰ ਮੰਨਣ ਦਾ ਬਲ ਪ੍ਰਦਾਨ ਕਰਨ।

Exit mobile version