–ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ- ਪ੍ਰੋ. ਰੇਖੀ
ਪਟਿਆਲਾ, 4 ਜੂਨ,(ਹਰਸ਼ਪ੍ਰੀਤ ਕੌਰ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਹਾਜ਼ਰ ਵਿਦਿਆਰਥੀਆਂ ਤੇ ਪਾਠਕਾਂ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੀ ਐਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ।
ਪ੍ਰੋ. ਰੇਖੀ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵੋਟਰਾਂ ਵਿੱਚ ਚੋਣੀ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਇਸ ਦੌਰਾਨ ਡਾ. ਰੇਖੀ ਨੇ ਦੱਸਿਆ ਕਿ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੂੰ ਇਸ ਐਸ.ਆਈ.ਆਰ. ਸਬੰਧੀ ਮੁਹਿੰਮ ਨਾਲ ਜੋੜ ਕੇ ਉਹਨਾਂ ਦੇ ਸੰਦੇਸ਼ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਸਕੂਲਾਂ ਅਤੇ ਕਾਲਜਾਂ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮੈਂਬਰਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਰੁਪਿੰਦਰ ਸਿੰਘ ਹਲਕਾ ਨੋਡਲ ਅਫ਼ਸਰ ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਬੀਐਲਓਜ਼ ਵਲੋਂ 07 ਜੂਨ ਨੂੰ ਪੋਲਿੰਗ ਬੂਥ ‘ਤੇ ਲਗਾਏ ਜਾਣ ਵਾਲੇ ਵਿਸ਼ੇਸ ਕੈਂਪ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਮੋਹਿਤ ਕੌਸ਼ਲ ਨੇ ਵੱਖ ਵੱਖ ਐਪਸ ਤੇ ਈਸੀਆਈ ਨੈਟ ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪਵਨ ਗੋਇਲ ਅਤੇ ਸਟਾਫ ਮੈਂਬਰ ਵੀ ਹਾਜ਼ਰ ਰਹੇ।
