Home ਪਟਿਆਲਾ ਅਪਡੇਟ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਯਕੀਨੀ ਬਣਾਉਣ...

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਬਰਸਾਤੀ ਮੌਸਮ ਤੋਂ ਪਹਿਲਾਂ ਤਿਆਰੀਆਂ ਯਕੀਨੀ ਬਣਾਉਣ ਲਈ ਡੀ.ਸੀ. ਦੀ ਸਖ਼ਤ ਚੇਤਾਵਨੀ

0
ਪਟਿਆਲਾ 5 ਜੂਨ (ਹਰਸ਼ਪ੍ਰੀਤ ਕੌਰ):ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਰਸਾਤੀ ਮੌਸਮ ਦੌਰਾਨ ਹੜ੍ਹਾਂ ਵਰਗੀ ਸੰਭਾਵਿਤ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਗੰਭੀਰਤਾ ਨਾਲ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਸਪਸ਼ਟ ਅਤੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਹਰ ਤਰ੍ਹਾਂ ਦੀ ਤਿਆਰੀ ਹਰ ਹਾਲਤ ਵਿੱਚ ਮੁਕੰਮਲ ਕੀਤੀ ਜਾਵੇ, ਨਹੀਂ ਤਾਂ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਆਪਣੀਆਂ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਪਣੇ ਅਧੀਨ ਆਉਂਦੇ ਉਹਨਾਂ ਖੇਤਰਾਂ ਦਾ ਤੁਰੰਤ ਦੌਰਾ ਕੀਤਾ ਜਾਵੇ ਜਿੱਥੇ ਬਰਸਾਤ ਦੌਰਾਨ ਪਾਣੀ ਖੜ੍ਹਾ ਰਹਿਣ ਜਾਂ ਹੜ੍ਹ ਵਰਗੀ ਸਥਿਤੀ ਬਣਨ ਦੀ ਸੰਭਾਵਨਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਪ੍ਰਬੰਧਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਅਤੇ ਲਗਾਤਾਰ ਰਿਵਿਊ ਕੀਤਾ ਜਾਵੇ, ਕਿਸੇ ਵੀ ਕਮੀ ਲਈ ਸੰਬੰਧਿਤ ਅਧਿਕਾਰੀ ਨੂੰ ਸਿੱਧਾ ਜਵਾਬਦੇਹ ਠਹਿਰਾਇਆ ਜਾਵੇਗਾ।
ਡੀ ਸੀ ਨੇ ਡਰੇਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਤੌਰ ‘ਤੇ ਆਦੇਸ਼ ਦਿੱਤੇ ਕਿ ਸੀਵਰੇਜ ਪ੍ਰਣਾਲੀ ਦੀ ਸਫਾਈ ਤੁਰੰਤ ਅਤੇ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ। ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਜਾਂ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸਦੇ ਨਾਲ ਹੀ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਢਿੱਲੀਆਂ ਅਤੇ ਖਤਰਨਾਕ ਬਿਜਲੀ ਤਾਰਾਂ ਨੂੰ ਤੁਰੰਤ ਠੀਕ ਕਰਨ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਵੀ ਆਦੇਸ਼ ਦਿੱਤੇ ਕਿ ਪਸ਼ੂਆਂ ਲਈ ਹਰੇ ਚਾਰੇ ਦੀ ਉਪਲਬਧਤਾ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਸ ਸੰਬੰਧੀ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ।
ਸਿਹਤ ਸੇਵਾਵਾਂ ਸੰਬੰਧੀ ਉਨ੍ਹਾਂ ਸਿਵਲ ਸਰਜਨ ਦਫ਼ਤਰ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਬਰਸਾਤੀ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ ਅਤੇ ਦਵਾਈਆਂ ਦਾ ਪੂਰਾ ਸਟਾਕ ਹਰ ਸਮੇਂ ਉਪਲਬਧ ਹੋਣਾ ਚਾਹੀਦਾ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਡੀ.ਆਰ.ਓ ਦਫ਼ਤਰ ਨੂੰ ਜ਼ਿਲ੍ਹੇ ਦੇ ਸਾਰੇ ਸ਼ੈਲਟਰ ਹੋਮਾਂ ਦੀ ਅਪਡੇਟ ਲਿਸਟ ਤੁਰੰਤ ਤਿਆਰ ਕਰਨ ਲਈ ਕਿਹਾ ਅਤੇ ਡੀ.ਐਫ.ਐਸ.ਸੀ ਵਿਭਾਗ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਵਰਤੋਂ ਲਈ ਰਾਖਵੇਂ ਖਾਣ-ਪੀਣ ਦੇ ਸਮਾਨ ਦੀ ਪੂਰੀ ਜਾਣਕਾਰੀ ਤੁਰੰਤ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।
ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਦੋਹਰਾਇਆ ਕਿ ਸਾਰੇ ਵਿਭਾਗ ਬਰਸਾਤਾਂ ਤੋਂ ਪਹਿਲਾਂ ਆਪਣੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾਉਣੀ ਹੀ ਪਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਯੂ ਡੀ) ਨਵਰੀਤ ਕੌਰ ਸੇਖੋਂ , ਵਧੀਕ ਡਿਪਟੀ ਕਮਿਸ਼ਨਰ (ਆਰ ਡੀ) ਦਮਨਜੀਤ ਸਿੰਘ ਮਾਨ, ਸਮੂਹ ਐਸ ਡੀ ਐਮਜ਼ , ਜੁਆਇੰਟ ਕਮਿਸ਼ਨਰ ਮੇਜਰ ਹਰਜੋਤ ਕੌਰ , ਐਸ ਪੀ ਵੈਭਵ ਚੌਧਰੀ, ਡੀ ਆਰ ਓ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Exit mobile version