Home ਪੰਜਾਬ ਧੂਰੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਈ ਸਮੀਖਿਆ ਮੀਟਿੰਗ*

ਧੂਰੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਹੋਈ ਸਮੀਖਿਆ ਮੀਟਿੰਗ*

0
ਧੂਰੀ, 5 ਜੂਨ (ਦੀਪਕ ਦੱਤਾ):ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਅੱਜ ਧੂਰੀ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਦੀ ਸਫਲਤਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ।

ਮੀਟਿੰਗ ਦੌਰਾਨ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰੀ ਖੇਤਰਾਂ ਦੀਆਂ ਵਾਰਡ ਡਿਫੈਂਸ ਕਮੇਟੀਆਂ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਚੌਕਸੀ ਵਧਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹਲਕਾ ਕੋਆਰਡੀਨੇਟਰ, ਸਮੂਹ ਬਲਾਕ ਕੋਆਰਡੀਨੇਟਰ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।

Exit mobile version