Home ਪਟਿਆਲਾ ਅਪਡੇਟ ਵੀ.ਡੀ.ਸੀ. ਮੀਟਿੰਗਾਂ ਸਦਕਾ ਨਸ਼ਾ ਤਸਕਰਾਂ ਸਬੰਧੀ 12 ਹਜ਼ਾਰ ਤੋਂ ਵੱਧ ਸੂਚਨਾਵਾਂ ਪ੍ਰਾਪਤ...

ਵੀ.ਡੀ.ਸੀ. ਮੀਟਿੰਗਾਂ ਸਦਕਾ ਨਸ਼ਾ ਤਸਕਰਾਂ ਸਬੰਧੀ 12 ਹਜ਼ਾਰ ਤੋਂ ਵੱਧ ਸੂਚਨਾਵਾਂ ਪ੍ਰਾਪਤ – ਅਜੀਤਪਾਲ ਸਿੰਘ ਕੋਹਲੀ”

"War on Drugs" campaign is getting overwhelming support from the people - MLA Kohli

0
 ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਮਿਲ ਰਿਹਾ ਲੋਕਾਂ ਦਾ ਭਰਪੂਰ ਸਹਿਯੋਗ – ਵਿਧਾਇਕ ਕੋਹਲੀ
ਪਟਿਆਲਾ, 5 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ.ਡੀ.ਸੀ. (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ.ਡੀ.ਸੀ. ਮੈਂਬਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਵਿਧਾਇਕ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਵੀ.ਡੀ.ਸੀ. ਮੀਟਿੰਗਾਂ ਦੇ ਸਫਲ ਆਯੋਜਨ ਸਦਕਾ ਹੁਣ ਤੱਕ ਨਸ਼ਾ ਤਸਕਰਾਂ ਨਾਲ ਸੰਬੰਧਿਤ 12,000 ਤੋਂ ਵੱਧ ਸੂਚਨਾਵਾਂ ਪ੍ਰਾਪਤ ਹੋ ਚੁੱਕੀਆਂ ਹਨ, ਜਦਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਸਬੰਧੀ 2,500 ਤੋਂ ਵੱਧ ਸੂਚਨਾਵਾਂ ਵੀ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਲੋਕ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ।
ਇਸ ਮੌਕੇ ਐਸ ਡੀ ਐਮ ਗੁਰਦੇਵ ਸਿੰਘ ਧਮ ਅਤੇ ਉਪ ਕਪਤਾਨ ਪੁਲਿਸ ਪਟਿਆਲਾ (ਸਿਟੀ-1) ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਵੀ.ਡੀ.ਸੀ. ਮੈਂਬਰਾਂ ਵੱਲੋਂ ਦਫ਼ਤਰ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਅਤੇ ਸੂਚਨਾਵਾਂ ਨੂੰ ਪੂਰੀ ਗੁਪਤਤਾ ਨਾਲ ਸੰਭਾਲਿਆ ਜਾਂਦਾ ਹੈ। ਦਰਖ਼ਾਸਤਕਰਤਾਵਾਂ ਦੀ ਪਹਿਚਾਣ ਕਿਸੇ ਵੀ ਹਾਲਤ ਵਿੱਚ ਜਨਤਕ ਨਹੀਂ ਕੀਤੀ ਜਾਂਦੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਮੇਸ਼ਾ ਤਤਪਰ ਹਨ ਅਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਮੀਟਿੰਗ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਦੋ ਕਨਵੀਨਰਾਂ ਅਤੇ ਦੋ ਸਰਗਰਮ ਪ੍ਰਧਾਨਾਂ ਨੂੰ ਆਈ.ਡੀ. ਕਾਰਡ ਵੀ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਆਈ.ਡੀ. ਕਾਰਡ ਵੀ.ਡੀ.ਸੀ. ਮੈਂਬਰਾਂ ਦੀ ਪਛਾਣ ਅਤੇ ਕਾਰਜਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਆਈ.ਡੀ. ਕਾਰਡਾਂ ਦੀ ਮਹੱਤਤਾ ਅਤੇ ਇਸ ਨਾਲ ਜੁੜੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵਿਧਾਇਕ ਕੋਹਲੀ ਨੇ ਵੀ.ਡੀ.ਸੀ. ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਸਰਗਰਮ ਨਸ਼ਾ ਤਸਕਰਾਂ ਸਬੰਧੀ ਵੱਧ ਤੋਂ ਵੱਧ ਸੂਚਨਾਵਾਂ ਸਾਂਝੀਆਂ ਕਰਨ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਿੱਧੇ ਤੌਰ ‘ਤੇ ਇਕੱਠਾ ਕਰਨ ਲਈ ਹਰ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਜਾਂ ਵਾਰਡਾਂ ਲਈ ਇੱਕ ਈ-ਰਿਕਸ਼ਾ ਤਾਇਨਾਤ ਕੀਤਾ ਜਾਵੇਗਾ। ਇਹ ਵਿਸ਼ੇਸ਼ ਪਹਿਲ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਜਨਤਕ ਮੁੱਦਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਏਗੀ।
ਮੀਟਿੰਗ ਦੇ ਅੰਤ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ ਅਤੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Exit mobile version