Homeਪੰਜਾਬਧੂਰੀ 'ਚ ਹਰਿਆਣਾ ਦੇ ਸੀ.ਐਮ. ਨਾਇਬ ਸੈਣੀ ਦੇ ਦੌਰੇ ਦਾ 'ਆਪ' ਵੱਲੋਂ...

ਧੂਰੀ ‘ਚ ਹਰਿਆਣਾ ਦੇ ਸੀ.ਐਮ. ਨਾਇਬ ਸੈਣੀ ਦੇ ਦੌਰੇ ਦਾ ‘ਆਪ’ ਵੱਲੋਂ ਜ਼ੋਰਦਾਰ ਵਿਰੋਧ; ਭਾਜਪਾ ਖ਼ਿਲਾਫ਼ ਜੰਮ ਕੇ ਹੋਈ ਨਾਅਰੇਬਾਜ਼ੀ

ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਵਾਲੀ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਸੂਬੇ 'ਚ ਨਹੀਂ ਚੱਲੇਗੀ: ਦਲਵੀਰ ਸਿੰਘ ਢਿੱਲੋਂ

ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੀ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਸੂਬੇ ‘ਚ ਨਹੀਂ ਚੱਲੇਗੀ: ਦਲਵੀਰ ਸਿੰਘ ਢਿੱਲੋਂ

ਧੂਰੀ, 7 ਜੂਨ: (ਵਿਸ਼ਾਲ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੜ੍ਹ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਅੱਜ ਉਸ ਵੇਲੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ, ਜਦੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਜ਼ੋਰਦਾਰ ਹੱਲਾ ਬੋਲਿਆ ਅਤੇ ਨਾਅਰੇਬਾਜ਼ੀ ਕੀਤੀ।

ਭਾਜਪਾ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹੁੰਚਾਇਆ ਨੁਕਸਾਨ: ਚੇਅਰਮੈਨ ਢਿੱਲੋਂ

ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਭਾਜਪਾ ਉੱਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਵਿਰੋਧੀ ਨੀਤੀਆਂ ‘ਤੇ ਚੱਲੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਬੀ.ਬੀ.ਐਮ.ਬੀ. (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਰਾਹੀਂ ਪੰਜਾਬ ਦੇ ਪਾਣੀਆਂ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. (SYL) ਮੁੱਦੇ ‘ਤੇ ਪੰਜਾਬ ਵਿਰੋਧੀ ਰਵੱਈਆ ਅਪਣਾ ਕੇ ਭਾਜਪਾ ਨੇ ਸੂਬੇ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ।

ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ ‘ਆਪ’ ਆਗੂਆਂ ਤੇ ਵਰਕਰਾਂ ਨੇ ਪਿੰਡ ਬੱਬਨਪੁਰ ਵਿਖੇ ਬੋਲਿਆ ਹੱਲਾ

ਉਨ੍ਹਾਂ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੈਂਕੜੇ ਕਿਸਾਨਾਂ ਦੀਆਂ ਸ਼ਹਾਦਤਾਂ ਲਈ ਭਾਜਪਾ ਜ਼ਿੰਮੇਵਾਰ ਹੈ, ਜਿਸ ਨੂੰ ਦੇਸ਼ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਰ.ਡੀ.ਐੱਫ. (RDF) ਅਤੇ ਪੰਜਾਬ ਦੇ ਹੋਰ ਵਿੱਤੀ ਫੰਡ ਰੋਕ ਕੇ ਸੂਬੇ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਦੀਆਂ ਚਾਲਾਂ ਚੱਲ ਰਹੀ ਹੈ।

ਪੰਜਾਬ ‘ਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ: ‘ਆਪ’ ਆਗੂ

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ ‘ਤੇ ਵੰਡ ਕੇ ਸਿਆਸੀ ਰੋਟੀਆਂ ਸੇਕਣਾ ਚਾਹੁੰਦੀ ਹੈ, ਪਰ ਪੰਜਾਬ ਦੀ ਸੂਝਵਾਨ ਜਨਤਾ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਪਵਿੱਤਰ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਭਾਜਪਾ ਨੂੰ ਨਕਾਰ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਦੇ ਨਾਲ ਖੜ੍ਹੇ ਹਨ।

ਸੂਬੇ ਦੇ ਅਹਿਮ ਮੁੱਦਿਆਂ ‘ਤੇ ਹਰਿਆਣਾ ਦੇ ਸੀ.ਐਮ. ਤੋਂ ਮੰਗੇ ਜਵਾਬ

‘ਆਪ’ ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਕੋਲੋਂ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਜਵਾਬ ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਸੰਘਰਸ਼ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਹ ਪ੍ਰਮੁੱਖ ਆਗੂ ਰਹੇ ਮੌਜੂਦ

ਇਸ ਪ੍ਰਦਰਸ਼ਨ ਵਿੱਚ ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਮਰਦੀਪ ਸਿੰਘ ਧਾਂਦਰਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬਲਾਕ ਪ੍ਰਧਾਨ ਮਿਲਖ ਰਾਜ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਨਗਰ ਕੌਂਸਲਰ ਰਾਜੀਵ ਚੌਧਰੀ, ਮਨੀਸ਼ ਜਿੰਦਲ, ਕੌਂਸਲਰ ਜਸਵੀਰ ਸਿੰਘ ਸਮੇਤ ਪਿੰਡ ਬੱਬਨਪੁਰ ਦੀ ਸਮੁੱਚੀ ਪੰਚਾਇਤ ਅਤੇ ਪੰਚ-ਸਰਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments