Home ਪਟਿਆਲਾ ਅਪਡੇਟ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ...

ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਕੈਂਪਾਂ ਦਾ ਲਿਆ ਜਾਇਜ਼ਾ

BLOs were present during special intensive revision camps held at 1786 polling stations in Patiala district.

0

ਪਟਿਆਲਾ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਕੈਂਪਾਂ ਦੌਰਾਨ ਬੀ.ਐਲ.ਓਜ਼ ਰਹੇ ਹਾਜ਼ਰ

ਪਟਿਆਲਾ, 8 ਜੂਨ (ਹਰਸ਼ਪ੍ਰੀਤ ਕੌਰ):ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀ-ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਮੈਪਿੰਗ ਅਤੇ ਤਸਦੀਕ ਸਬੰਧੀ ਜ਼ਿਲ੍ਹੇ ਦੇ 1786 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ।

ਲੋਕ ਸਭਾ ਹਲਕਾ ਪਟਿਆਲਾ ਦੇ ਪੋਲਿੰਗ ਸਟੇਸ਼ਨਾਂ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਅਤੇ ਮੈਪਿੰਗ ਮੁਹਿੰਮ ਤਹਿਤ ਪੰਜ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਲਗਾਏ ਗਏ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਕੈਂਪਾਂ ਦੌਰਾਨ ਵੋਟਰ ਮੈਪਿੰਗ ਅਤੇ ਤਸਦੀਕ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਨਾਗਰਿਕਾਂ ਨੂੰ ਉਨ੍ਹਾਂ ਦੇ ਚੋਣਵੇਂ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਮੁੱਦਿਆਂ ਦੇ ਨਿਪਟਾਰੇ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਮੌਜੂਦ ਰਹੇ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨ ਦੀ ਪ੍ਰਕਿਰਿਆ ਤਹਿਤ ਲਗਭਗ 84 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਬਾਕੀ ਰਹਿੰਦੇ 16 ਫੀਸਦੀ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ ਹੇਠ ਲੋੜੀਂਦੀਆਂ ਕਾਰਵਾਈਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਹੀ ਵੋਟਰ ਸੂਚੀਆਂ ਇੱਕ ਮਜ਼ਬੂਤ ਅਤੇ ਜੀਵੰਤ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਦਾ ਪੂਰਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਹੋਵੇ।

ਉਨ੍ਹਾਂ ਕਿਹਾ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਲੋੜੀਂਦੀਆਂ ਤਬਦੀਲੀਆਂ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਮੌਜੂਦਾ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਰਨਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਜਾਂ ਉਸਦੇ ਪਰਿਵਾਰ ਦੇ ਕਿਸੇ ਮੈਂਬਰ ਦੀ ਵੋਟ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕਿਸੇ ਕਾਰਨਾਂ ਕਰਕੇ ਨਹੀਂ ਹੋ ਰਿਹਾ ਜਾਂ ਨਹੀਂ ਕੀਤਾ ਗਿਆ ਹੈ ਤਾਂ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਇਸ ਮਿਲਾਣ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਉਣ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਰਜਿਸਟ੍ਰੇਸ਼ਨ ਅਤੇ ਚੋਣਾਂ ‘ਚ ਭਾਗੀਦਾਰੀ ਪ੍ਰਤੀ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version