Homeਪੰਜਾਬਖੇਤ ਬਚਾਓ ਅਭਿਆਨ ਤਹਿਤ ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ...

ਖੇਤ ਬਚਾਓ ਅਭਿਆਨ ਤਹਿਤ ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਸਬੰਧੀ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀ

ਸੰਗਰੂਰ, 09 ਜੂਨ (ਹਰਸ਼ਪ੍ਰੀਤ ਕੌਰ):ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ ਅਤੇ ਨਿਰਦੇਸ਼ਕ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ, ਕਿਸਾਨ ਗੋਸ਼ਟੀਆਂ ਅਤੇ ਨੁੱਕੜ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।

ਇਸ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਵੱਲੋਂ 14 ਤੋਂ ਵੱਧ ਪਿੰਡਾਂ ਵਿੱਚ ਜਾ ਕੇ 1500 ਦੇ ਕਰੀਬ ਕਿਸਾਨਾਂ ਨੂੰ ਮਿੱਟੀ ਨੂੰ ਸਿਹਤਮੰਦ ਬਣਾਉਣ ਲਈ ਮਿੱਟੀ ਪਰਖ ਅਧਾਰਿਤ ਖਾਦਾਂ ਦੀ ਸੰਤੁਲਿਤ ਵਰਤੋਂ, ਹਰੀ ਖਾਦ, ਜੀਵਾਣੂੰ ਖਾਦਾਂ ਅਤੇ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿੱਚ ਸਾਂਭਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।


ਇਸੇ ਅਭਿਆਨ ਤਹਿਤ ਪਿੰਡ ਤੁੰਗਾਂ ਅਤੇ ਬਿਗੜਵਾਲ ਵਿਖੇ ਲਗਾਏ ਕੈਂਪਾਂ ਦੌਰਾਨ ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲ ਵਿੱਚ ਮਿੱਟੀ ਪਰਖ ਰਿਪੋਰਟ ਅਨੁਸਾਰ ਹੀ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਅਤੇ ਲਘੂ ਤੱਤਾਂ ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ।ਉਹਨਾਂ ਦੱਸਿਆ ਕਿ ਜੇਕਰ ਪਿੱਛੇ ਬੀਜੀ ਕਣਕ ਦੀ ਫ਼ਸਲ ਨੂੰ ਡੀ ਏ ਪੀ ਖਾਦ ਦੀ ਸਿਫਾਰਿਸ਼ ਕੀਤੀ ਮਾਤਰਾ ਪਾਈ ਗਈ ਹੋਵੇ, ਤਾਂ ਉੱਥੇ ਸਾਉਣੀ ਵਿੱਚ ਝੋਨੇ ਅਤੇ ਬਾਸਮਤੀ ਨੂੰ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ। ਇਸ ਤੋਂ ਇਲਾਵਾ ਉਹਨਾਂ ਝੋਨੇ ਦੀ ਪਨੀਰੀ ਵਿੱਚ ਜ਼ਿੰਕ ਅਤੇ ਲੋਹਾ ਤੱਤ ਦੀ ਘਾਟ ਦੀ ਪਛਾਣ ਅਤੇ ਇਸ ਨੂੰ ਪੂਰਾ ਕਰਨ ਦੇ ਉਪਾਅ ਵੀ ਸਾਂਝੇ ਕੀਤੇ। ਉਹਨਾਂ ਕਿਸਾਨਾਂ ਨੂੰ ਝੋਨੇ ਵਿੱਚ ਸੁਚੱਜੇ ਨਦੀਨ ਪ੍ਰਬੰਧ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨੂੰ ਜ਼ਮੀਨ ਨੂੰ ਸਿਹਤਮੰਦ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਜਾਗਰੂਕ ਕੀਤਾ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਮਸ਼ੀਨੀ ਲੁਆਈ ਲਈ ਮੈਟ ਟਾਈਪ ਪਨੀਰੀ ਤਿਆਰ ਕਰਨ ਦੀ ਵਿਧੀ ਅਤੇ ਲੁਆਈ ਦੇ ਢੰਗ ਬਾਬਤ ਵੀ ਜਾਣਕਾਰੀ ਦਿੱਤੀ।

ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੋਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੇ ਬੀਜ ਦੀ ਸੋਧ ਅਤੇ ਝੋਨੇ ਦੀ ਪਨੀਰੀ ਅਤੇ ਫ਼ਸਲ ਵਿੱਚ ਮਧਰੇਪਨ ਦੇ ਰੋਗ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਦੇ ਨਾਲ ਨਾਲ ਪਨੀਰੀ ਦੀਆਂ ਜੜ੍ਹਾਂ ਦੀ ਸੋਧ ‘ਤੇ ਵੀ ਜ਼ੋਰ ਦਿੱਤਾ।

ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਫ਼ਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧ ਅਤੇ ਘਰੇਲੂ ਸਬਜ਼ੀ ਬਗੀਚੀ ਲਗਾਉਣ ਬਾਰੇ ਜਾਣਕਾਰੀ ਦਿੱਤੀ।

ਕੈਂਪ ਦੇ ਅਖੀਰ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਕਾਸ਼ਤ ਅਤੇ ਖਾਦਾਂ ਨਾਲ ਸੰਬੰਧਿਤ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments