ਸਵਾਤੀ ਮਾਲੀਵਾਲ ਦੇ ਵਕੀਲ ਹੋਏ ਪੇਸ਼
ਮੋਗਾ: 11 ਜੂਨ 2026 (ਲਛਮਣ ਜੀਤ ਸਿੰਘ ਪੁਰਬਾ) : ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸਵਾਤੀ ਮਾਲੀਵਾਲ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਲਈ ਅੱਜ ਉਹ ਮੋਗਾ ਦੀ ਅਦਾਲਤ ਵਿੱਚ ਪਹੁੰਚੇ ਅਤੇ ਆਪਣੀ ਹਾਜ਼ਰੀ ਦਰਜ ਕਰਵਾਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਅੱਜ ਇਸ ਮਾਮਲੇ ਦੀ ਅਦਾਲਤ ਵਿੱਚ ਪੇਸ਼ੀ ਸੀ, ਜਿਸ ਕਾਰਨ ਉਹ ਕੋਰਟ ਵਿੱਚ ਹਾਜ਼ਰ ਹੋਏ ਹਨ। ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਖ਼ੁਦ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਹਾਲਾਂਕਿ ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਪੇਸ਼ ਹੋ ਕੇ ਉਨ੍ਹਾਂ ਦਾ ਪੱਖ ਰੱਖਿਆ।
ਕੀ ਹੈ ਪੂਰਾ ਮਾਮਲਾ? ਦੱਸਣਯੋਗ ਹੈ ਕਿ ਸਵਾਤੀ ਮਾਲੀਵਾਲ ਨੇ ਇੱਕ ਪੋਸਟ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ “ਭੇਡ-ਬੱਕਰੀਆਂ” ਕਿਹਾ ਸੀ। ਇਸ ਟਿੱਪਣੀ ਤੋਂ ਬਾਅਦ ਡਾ. ਅਮਨਦੀਪ ਕੌਰ ਅਰੋੜਾ ਨੇ ਸਵਾਤੀ ਮਾਲੀਵਾਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
ਇਸ ਮਾਮਲੇ ਬਾਰੇ ਐਡਵੋਕੇਟ ਬਰਿੰਦਰ ਪਾਲ ਸਿੰਘ ਰਤੀਆ ਨੇ ਦੱਸਿਆ ਕਿ ਸਵਾਤੀ ਮਾਲੀਵਾਲ ਦੇ ਵਕੀਲ ਵੱਲੋਂ ਅਦਾਲਤ ਵਿੱਚ ਮੈਮੋ ਫਾਈਲ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ 10 ਜੁਲਾਈ ਨੂੰ ਸਵਾਤੀ ਮਾਲੀਵਾਲ ਖ਼ੁਦ ਅਦਾਲਤ ਵਿੱਚ ਪੇਸ਼ ਹੁੰਦੇ ਹਨ ਜਾਂ ਫਿਰ ਉਨ੍ਹਾਂ ਦੇ ਵਕੀਲ ਹੀ ਉਨ੍ਹਾਂ ਵੱਲੋਂ ਪੈਰਵੀ ਕਰਦੇ ਹਨ।
