ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਅਹਿਮ: ਰਛਪਾਲ ਸਿੰਘ ਭੁੱਲਰ
ਧੂਰੀ, 12 ਜੂਨ (ਹਰਸ਼ਪ੍ਰੀਤ ਕੌਰ):ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੋਂ ਵਿਸ਼ੇਸ਼ ਜਾਗਰੂਕਤਾ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ਵਿੱਚ ਵਿਸ਼ੇਸ਼ ਸ਼ਿਕਾਇਤ ਬਾਕਸ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਆਮ ਲੋਕ ਨਸ਼ਾ ਤਸਕਰੀ ਨਾਲ ਸਬੰਧਤ ਗੁਪਤ ਜਾਣਕਾਰੀ ਅਤੇ ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਸਬੰਧੀ ਵੇਰਵੇ ਸਾਂਝੇ ਕਰ ਸਕਣਗੇ।

ਇਸ ਮੌਕੇ ਜਾਗਰੂਕਤਾ ਵਾਹਨਾਂ ਨੂੰ ਹਰੀ ਝੰਡੀ ਦਿੰਦਿਆਂ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦੇ ਦਫ਼ਤਰ ਇੰਚਾਰਜ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਪਿੰਡ ਜਾਂ ਇਲਾਕੇ ਵਿੱਚ ਨਸ਼ਾ ਤਸਕਰੀ ਬਾਰੇ ਕੋਈ ਜਾਣਕਾਰੀ ਹੈ ਪਰ ਉਹ ਆਪਣੀ ਪਛਾਣ ਜਨਤਕ ਨਹੀਂ ਕਰਨਾ ਚਾਹੁੰਦਾ ਤਾਂ ਉਹ ਸ਼ਿਕਾਇਤ ਬਾਕਸ ਵਿੱਚ ਲਿਖਤੀ ਰੂਪ ਵਿੱਚ ਸੂਚਨਾ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਹ ਵੀ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਧੀਨ ਮੁਫ਼ਤ ਇਲਾਜ ਅਤੇ ਪੁਨਰਵਾਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਸ ਜਨ ਅੰਦੋਲਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।
ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੇ ਲਗਭਗ ਇੱਕ ਸਾਲ ਤੋਂ ਹਲਕਾ ਧੂਰੀ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਲੋਕਾਂ ਦੀ ਸਿੱਧੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਰਛਪਾਲ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਖ਼ਿਲਾਫ਼ ਜਾਣਕਾਰੀ ਸਾਂਝੀ ਕਰਨ ਕਿਉਂਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਵਾਈਸ ਕੋਆਰਡੀਨੇਟਰ
ਹਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਵਾਹਨ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਤੋਂ ਗੁਪਤ ਸੂਚਨਾਵਾਂ ਇਕੱਠੀਆਂ ਕਰਨਗੇ, ਜਿਨ੍ਹਾਂ ਨੂੰ ਸਬੰਧਤ ਉੱਚ ਪੁਲਿਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਨਸ਼ੇ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਬਲਾਕ ਕੋਆਰਡੀਨੇਟਰ ਗੌਰਵ ਸ਼ਰਮਾ, ਡਾਇਰੈਕਟਰ ਅਨਿਲ ਮਿੱਤਲ, ਮਨਜੀਤ ਸ਼ਰਮਾ, ਹਰਵਿੰਦਰ ਸਿੰਘ, ਕੌਂਸਲਰ ਰਜੀਵ ਵਰਮਾ, ਅਸ਼ਵਨੀ ਧੀਰ, ਮਨੀਸ਼ ਕੁਮਾਰ, ਭੁਪਿੰਦਰ ਸਿੰਘ, ਅਤੇ ਸਰਪੰਚ ਸਾਹਿਬਾਨ, ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।