Home ਪੰਜਾਬ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 308.80 ਕਰੋੜ ਦੇ ਵਿਕਾਸ ਕਾਰਜ ਮੁਕੰਮਲ: ਹਰਪਾਲ...

ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 308.80 ਕਰੋੜ ਦੇ ਵਿਕਾਸ ਕਾਰਜ ਮੁਕੰਮਲ: ਹਰਪਾਲ ਸਿੰਘ ਚੀਮਾ

Cabinet Minister holds meeting with officials at District Administrative Complex regarding development works

0

ਕੈਬਨਿਟ ਮੰਤਰੀ ਵੱਲੋਂ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ


ਸੰਗਰੂਰ, 12 ਜੂਨ:  (ਵਿਸ਼ਾਲ ਗੁਪਤਾ) ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ 308.80 ਕਰੋੜ ਰੁਪਏ ਦੀ ਲਾਗਤ ਨਾਲ 1362 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ 421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਇਸ ਸਮੇਂ ਪ੍ਰਗਤੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ, ਲਿੰਕ ਰੋਡਾਂ ਦੀ ਚੌੜਾਈ ਵਧਾਉਣ ਅਤੇ ਅੰਦਰੂਨੀ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਜ਼ੋਰਾਂ ’ਤੇ ਹਨ। ਇਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਆਵਾਜਾਈ ਹੋਰ ਬਿਹਤਰ ਹੋਵੇਗੀ।

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਲਕੇ ਵਿੱਚ ਨਵੇਂ ਆਧੁਨਿਕ ਖੇਡ ਸਟੇਡੀਅਮ, ਖੇਡ ਸਟੇਡੀਅਮਾਂ ਦੀ ਅਪਗ੍ਰੇਡੇਸ਼ਨ, ਨਵੇਂ ਖੇਡ ਮੈਦਾਨਾਂ ਦੀ ਉਸਾਰੀ, ਜਿਮ ਅਤੇ ਹੋਰ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਸਿਹਤ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਨਵੀਆਂ ਇਮਾਰਤਾਂ ਅਤੇ ਉਹਨਾਂ ਦੀ ਮੁਰੰਮਤ, ਨਵੀਂ ਮਸ਼ੀਨਰੀ ਦੀ ਸਥਾਪਨਾ ਅਤੇ ਹੋਰ ਮੈਡੀਕਲ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ ਸਿਹਤ ਸੇਵਾਵਾਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ।

ਸਿੱਖਿਆ ਖੇਤਰ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ, ਨਵੇਂ ਕਮਰਿਆਂ ਦੀ ਉਸਾਰੀ, ਸਮਾਰਟ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨਾਂ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਧੀਆ ਅਤੇ ਆਧੁਨਿਕ ਸਿੱਖਿਆ ਦਾ ਮਾਹੌਲ ਮਿਲ ਰਿਹਾ ਹੈ।

ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜ ਵੀ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ. ਡੀ.ਐਮ. ਦਿੜ੍ਹਬਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ
ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Exit mobile version