ਪਟਿਆਲਾ, 15 ਜੂਨ (ਹਰਸ਼ਪ੍ਰੀਤ ਕੌਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ।

ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।









