ਮੋਗਾ, 15 ਜੂਨ:(ਲਛਮਣ ਜੀਤ ਸਿੰਘ ਪੁਰਬਾ): ਮੋਗਾ ਪੁਲਿਸ ਨੇ ਲੁੱਟ-ਖੋਹ ਅਤੇ ਦੋਪਹੀਆ ਵਾਹਨਾਂ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ, 27 ਮਈ 2026 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਨਿਵਾਸੀ ਸੁਮੀਤ ਕੁਮਾਰ, ਜੋ ਮੋਗਾ ਵਿੱਚ ਨੌਕਰੀ ਕਰਦਾ ਹੈ, ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਚੱਕੀ ਵਾਲੀ ਗਲੀ ਵਿੱਚ ਤਿੰਨ ਨੌਜਵਾਨਾਂ ਨੇ ਉਸ ਨੂੰ ਤਲਵਾਰ ਦੀ ਨੋਕ ‘ਤੇ ਡਰਾ ਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਸੀ।
ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਲਗਾਤਾਰ ਜਾਂਚ ਅਤੇ ਛਾਪੇਮਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਲੁੱਟਿਆ ਗਿਆ ਮੋਟਰਸਾਈਕਲ ਅਤੇ ਵਾਰਦਾਤ ਦੌਰਾਨ ਵਰਤੀ ਗਈ ਤਲਵਾਰ ਵੀ ਬਰਾਮਦ ਕਰ ਲਈ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਹੋਰ ਕਿੰਨੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
ਮੋਗਾ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਇਲਾਕੇ ਵਿੱਚ ਹੋਈਆਂ ਹੋਰ ਵਾਰਦਾਤਾਂ ਨੂੰ ਸੁਲਝਾਉਣ ਵਿੱਚ ਮਦਦ ਮਿਲ ਸਕਦੀ ਹੈ।









