ਹਰਿਆਣਾ, 17 ਜੂਨ (ਚੌਧਰੀ ਪ੍ਰਭਜੀਤ ਸਿੰਘ): ਹਰਿਆਣਾ ਸਰਕਾਰ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸੰਸਥਾਵਾਂ ਨੂੰ ਨਵੇਂ ਕੰਪਿਊਟਰ ਅਤੇ ਅਤਿ-ਆਧੁਨਿਕ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਤਕਨੀਕੀ ਸਿੱਖਿਆ ਸੰਸਥਾਵਾਂ ਲਈ 2512 ਆਧੁਨਿਕ ਕੰਪਿਊਟਰ ਖਰੀਦੇ ਗਏ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਸੰਸਥਾਵਾਂ ਵਿੱਚ ਭੇਜੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 9 ਸਰਕਾਰੀ ਪੌਲੀਟੈਕਨਿਕ ਕਾਲਜਾਂ ਨੂੰ ਸਿਵਲ ਇੰਜੀਨੀਅਰਿੰਗ ਨਾਲ ਸਬੰਧਤ 51 ਨਵੇਂ ਉਪਕਰਨ ਅਤੇ ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਵਿਦਿਆਰਥੀਆਂ ਨੂੰ ਸਿਰਫ਼ ਸਿਧਾਂਤਕ ਨਹੀਂ, ਸਗੋਂ ਵਿਹਾਰਕ ਅਤੇ ਉਦਯੋਗਿਕ ਲੋੜਾਂ ਅਨੁਸਾਰ ਸਿੱਖਿਆ ਪ੍ਰਦਾਨ ਕਰਨਾ ਹੈ। ਆਧੁਨਿਕ ਲੈਬਾਂ ਅਤੇ ਤਕਨੀਕੀ ਸਰੋਤਾਂ ਨਾਲ ਨੌਜਵਾਨਾਂ ਦੀਆਂ ਹੁਨਰਮੰਦੀਆਂ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ।
