ਅਜਾਇਬ ਘਰ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ
ਸੰਗਰੂਰ, 19 ਜੂਨ: (ਮਨੋਜ ਵਰਮਾ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਧਰੋਹਰਾਂ ਦੀ ਸੰਭਾਲ ਅਤੇ ਵਿਕਾਸ ਨੂੰ ਤਰਜੀਹ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਵਿਰਾਸਤ ਅਤੇ ਇਤਿਹਾਸ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ।

ਅਜਾਇਬ ਘਰ ਦੇ ਦੌਰੇ ਦੌਰਾਨ ਰਾਜਪਾਲ ਨੇ ਉਥੇ ਪ੍ਰਦਰਸ਼ਿਤ ਇਤਿਹਾਸਕ ਵਸਤਾਂ, ਪੁਰਾਤਨ ਦਸਤਾਵੇਜ਼ਾਂ ਅਤੇ ਸੱਭਿਆਚਾਰਕ ਨਿਸ਼ਾਨੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਜਾਇਬ ਘਰ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਡਿਜੀਟਲ ਤਕਨੀਕਾਂ ਅਤੇ ਆਡੀਓ-ਵਿਜ਼ੂਅਲ ਸਹੂਲਤਾਂ ਰਾਹੀਂ ਅਜਾਇਬ ਘਰ ਨੂੰ ਹੋਰ ਆਕਰਸ਼ਕ ਬਣਾਉਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਰਾਜਪਾਲ ਨੇ ਬਨਾਸਰ ਬਾਗ਼ ਸਥਿਤ ਇਤਿਹਾਸਕ ਬਾਰਾਂਦਰੀ ਦਾ ਵੀ ਦੌਰਾ ਕੀਤਾ ਅਤੇ ਇਸ ਦੀ ਸੰਭਾਲ ਲਈ ਵਿਸ਼ੇਸ਼ ਯੋਜਨਾ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਅਤੇ ਸਥਾਨਾਂ ਨੂੰ ਸੁਰੱਖਿਅਤ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਚੈਨ ਲਈ ਅਰਦਾਸ ਕੀਤੀ। ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਜਨ ਪ੍ਰਤੀਨਿਧੀ, ਸਮਾਜਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।








