Home ਪਟਿਆਲਾ ਅਪਡੇਟ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਬਜ਼ੁਰਗਾਂ ਦੇ ਸੁਪਨੇ ਹੋ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਬਜ਼ੁਰਗਾਂ ਦੇ ਸੁਪਨੇ ਹੋ ਰਹੇ ਸਾਕਾਰ

Dr. Balbir Singh flags off pilgrimage buses from Patiala

0
ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੇ ਤੀਰਥ ਯਾਤਰਾ ਬੱਸਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਪਟਿਆਲਾ, 19 ਜੂਨ: (ਮਨੋਜ ਵਰਮਾ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਟਿਆਲਾ ਦੇ ਹੀਰਾ ਬਾਗ਼ ਅਤੇ ਤ੍ਰਿਪੜੀ ਇਲਾਕਿਆਂ ਤੋਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਧਾਰਮਿਕ ਆਸਥਾ ਨਾਲ ਜੁੜੀਆਂ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਇਹ ਯੋਜਨਾ ਲੋਕਾਂ ਵਿੱਚ ਕਾਫ਼ੀ ਲੋਕਪ੍ਰਿਯ ਹੋ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ।

Exit mobile version