Homeਪੰਜਾਬਵਿਦਿਆਰਥੀਆਂ ਨੂੰ ਤਣਾਅ-ਮੁਕਤ ਰੱਖਣ ਲਈ ਫਿਰੋਜ਼ਪੁਰ ਪ੍ਰਸ਼ਾਸਨ ਦਾ ਵੱਡਾ ਕਦਮ; DC ਵੱਲੋਂ...

ਵਿਦਿਆਰਥੀਆਂ ਨੂੰ ਤਣਾਅ-ਮੁਕਤ ਰੱਖਣ ਲਈ ਫਿਰੋਜ਼ਪੁਰ ਪ੍ਰਸ਼ਾਸਨ ਦਾ ਵੱਡਾ ਕਦਮ; DC ਵੱਲੋਂ ਵਿਸ਼ੇਸ਼ ਸੰਗ੍ਰਹਿ ਰਿਲੀਜ਼

ਫਿਰੋਜ਼ਪੁਰ:19ਜੂਨ (ਛਤਰਪਾਲ ਸਿੰਘ):ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਤਣਾਅ ਤੋਂ ਮੁਕਤ ਰੱਖਣ ਅਤੇ ਉਨ੍ਹਾਂ ਵਿੱਚ ਸਕਾਰਾਤਮਕ ਸੋਚ ਵਿਕਸਿਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਪ੍ਰੇਰਣਾਦਾਇਕ ਲੇਖਾਂ ਦੇ ਵਿਸ਼ੇਸ਼ ਸੰਗ੍ਰਹਿ ਨੂੰ ਫਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਵੱਲੋਂ ਇੱਕ ਸਮਾਗਮ ਦੌਰਾਨ ਰਸਮੀ ਤੌਰ ’ਤੇ ਜਾਰੀ ਕੀਤਾ ਗਿਆ।

ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਨੀਲਾ ਅਰੋੜਾ ਦੀ ਅਗਵਾਈ ਹੇਠ ਸੈਕੰਡਰੀ ਸਿੱਖਿਆ ਵਿਭਾਗ, ਫਿਰੋਜ਼ਪੁਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਪ੍ਰੇਰਨਾ ਤਹਿਤ ਕੀਤਾ ਗਿਆ ਹੈ। ਇਸ ਪ੍ਰਾਜੈਕਟ ਨੂੰ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਰਾਸ਼ਟਰੀ ਐਵਾਰਡੀ ਡਾ. ਸਤਿੰਦਰ ਸਿੰਘ ਦੇ ਵਿਸ਼ੇਸ਼ ਯਤਨਾਂ ਨਾਲ ਅਮਲੀ ਰੂਪ ਦਿੱਤਾ ਗਿਆ।

ਇਸ ਸੰਗ੍ਰਹਿ ਵਿੱਚ ਸਿੱਖਿਆ ਮਾਹਿਰਾਂ, ਮਨੋਵਿਗਿਆਨੀਆਂ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਲਿਖੇ ਲੇਖ ਸ਼ਾਮਲ ਕੀਤੇ ਗਏ ਹਨ, ਜੋ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਮਾਨਸਿਕ ਮਜ਼ਬੂਤੀ ਅਤੇ ਸਕਾਰਾਤਮਕ ਸੋਚ ਨੂੰ ਵਿਕਸਿਤ ਕਰਨ ’ਤੇ ਕੇਂਦਰਿਤ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਦਬਾਅ ਤੋਂ ਉਭਾਰਨਾ ਅਤੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਨਿਖਾਰਨਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਸਿੱਖਿਆ ਵਿਭਾਗ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਫਲਤਾ ਲਈ ਸਿਰਫ਼ ਮਿਹਨਤ ਹੀ ਨਹੀਂ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡਰ ਅਤੇ ਤਣਾਅ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਅਜਿਹਾ ਪ੍ਰੇਰਣਾਦਾਇਕ ਸਾਹਿਤ ਉਨ੍ਹਾਂ ਦੀ ਮਾਨਸਿਕ ਸਮਰੱਥਾ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ।

ਉਨ੍ਹਾਂ ਇਸ ਪ੍ਰਾਜੈਕਟ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਟੀਮ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਸਨਮਾਨਿਤ ਹੋਣ ਵਾਲਿਆਂ ਵਿੱਚ ਸੰਦੀਪ ਕੁਮਾਰ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਬੀ.ਆਰ.ਸੀ. ਟੀਮ ਦੇ ਮੈਂਬਰ ਅਤੇ ਕਾਂਚਨ ਰਾਣੀ ਸ਼ਾਮਲ ਸਨ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਨੀਲਾ ਅਰੋੜਾ ਨੇ ਕਿਹਾ ਕਿ ਡਾ. ਸਤਿੰਦਰ ਸਿੰਘ ਵੱਲੋਂ ਸਹਿਯੋਗੀ ਅਧਿਆਪਕਾਂ ਦੀ ਮਦਦ ਨਾਲ ਸੰਪਾਦਿਤ ਇਹ ਲੇਖ ਸੰਗ੍ਰਹਿ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਅਤੇ ਉਨ੍ਹਾਂ ਲਈ ਮਾਰਗਦਰਸ਼ਕ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੋੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਸਤਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ, ਲੇਖਕਾਂ ਅਤੇ ਸਹਿਯੋਗੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਸ਼ਨ ਪ੍ਰੇਰਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ, ਪ੍ਰੀਖਿਆਵਾਂ ਨਾਲ ਸਬੰਧਤ ਤਣਾਅ ਨੂੰ ਘਟਾਉਣਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਅਕਤੀਤਵ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੰਗ੍ਰਹਿ ਵਿੱਚ ਸ਼ਾਮਲ ਵਿਚਾਰ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਹਿੰਮਤ ਅਤੇ ਦ੍ਰਿੜਤਾ ਨਾਲ ਕਰਨ ਲਈ ਪ੍ਰੇਰਿਤ ਕਰਨਗੇ।

ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਡੀਐਸਐਮ ਸੁਖਚੈਨ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments