ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕੀਤਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਵਿਖੇ ਸਫਾਈ ਮੁਹਿੰਮ ਦਾ ਨਿਰੀਖਣ
ਪਟਿਆਲਾ, 19 ਜੂਨ (ਵਿਸ਼ਾਲ ਗੁਪਤਾ): ਪੰਜਾਬ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਤਹਿਤ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਜਾਰੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੂਬੇ ਦੇ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੀ ਗਈ ਸੀ। ਇਸ ਤੋਂ ਬਾਅਦ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਜ਼ਰੂਰੀ
ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਪਟਿਆਲਾ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਈ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੌਕੇ ‘ਤੇ ਸਫਾਈ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੋਰ ਤਨਦੇਹੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਕਰਮਚਾਰੀਆਂ ਦੀ ਮਿਹਨਤ ਵੀ ਬਹੁਤ ਜ਼ਰੂਰੀ ਹੈ।
ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਸਫਾਈ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ‘ਤੇ ਜ਼ੋਰ
ਜਾਂਚ ਦੌਰਾਨ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ, ਗਲੀਆਂ, ਪਾਰਕਾਂ ਅਤੇ ਜਨਤਕ ਥਾਵਾਂ ਦੀ ਸਫਾਈ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕੂੜੇ ਦੇ ਸਹੀ ਨਿਪਟਾਰੇ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਸਫਾਈ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਉੱਤੇ ਵੀ ਜ਼ੋਰ ਦਿੱਤਾ।
ਸਿਮਰਪ੍ਰੀਤ ਕੌਰ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਸੂਬੇ ਨੂੰ ਸਾਫ਼ ਅਤੇ ਸੁੰਦਰ ਬਣਾਉਣ ਦਾ ਇੱਕ ਵੱਡਾ ਅਭਿਆਨ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਦਿਨ-ਰਾਤ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ ਸ਼ਹਿਰ ਦੇ ਹਰ ਕੋਨੇ ਵਿੱਚ ਸਫਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਪਟਿਆਲਾ ਨੂੰ ਇੱਕ ਸਾਫ਼, ਸੁੰਦਰ ਅਤੇ ਮਿਸਾਲੀ ਸ਼ਹਿਰ ਬਣਾਇਆ ਜਾ ਸਕਦਾ ਹੈ।
ਸ਼ਹਿਰ ਵਿੱਚ ਚੱਲ ਰਹੀ ਇਹ ਸਫਾਈ ਮੁਹਿੰਮ ਨਾ ਸਿਰਫ਼ ਸਫਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੀ ਹੈ, ਸਗੋਂ ਸਾਫ਼-ਸੁਥਰੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਵੀ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋ ਰਹੀ ਹੈ।
