ਸੰਗਰੂਰ, 20 ਜੂਨ (ਮਨੋਜ ਵਰਮਾ): ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪਿਛਲੇ ਇੱਕ ਹਫ਼ਤੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਤੋਂ 19 ਜੂਨ ਤੱਕ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕੀਤੀ ਗਈ ਕਾਰਵਾਈ ਦੌਰਾਨ 31 ਮੁਕੱਦਮੇ ਦਰਜ ਕਰਕੇ 46 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ 25 ਕੇਸ ਦਰਜ ਕਰਕੇ 40 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਹੈਰੋਇਨ, ਗਾਂਜਾ, ਨਸ਼ੀਲਾ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਦੀ ਵੱਡੀ ਮਾਤਰਾ ਬਰਾਮਦ ਕੀਤੀ ਗਈ।
ਇਸ ਤੋਂ ਇਲਾਵਾ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ 6 ਕੇਸ ਦਰਜ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਦੇਸੀ ਸ਼ਰਾਬ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਹੋਈ। ਅਸਲਾ ਐਕਟ ਤਹਿਤ ਵੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਪੁਲਿਸ ਨੇ ਜੂਆ ਖੇਡਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਨਕਦੀ ਬਰਾਮਦ ਕੀਤੀ। ਇਸੇ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫ਼ਲਤਾ ਮਿਲੀ।
ਲਹਿਰਾ ਅਤੇ ਭਵਾਨੀਗੜ੍ਹ ਖੇਤਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਪੁਲਿਸ ਨੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀਸ਼ੁਦਾ ਸਾਮਾਨ, ਮੋਟਰਸਾਈਕਲ ਅਤੇ ਸ਼ਰਾਬ ਬਰਾਮਦ ਕੀਤੀ।
ਐਸਐਸਪੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।








