-‘ਸੀਐਮ ਦੀ ਯੋਗਸ਼ਾਲਾ’ ਨੇ ਪੰਜਾਬ ਦੇ ਲੋਕਾਂ ਦੀ ਜੀਵਨ ਸ਼ੈਲੀ ਬਦਲੀ : ਡਾ. ਬਲਬੀਰ ਸਿੰਘ
ਪਟਿਆਲਾ, 21 ਜੂਨ: (ਛਤਰਪਾਲ ਸਿੰਘ) : ਪਟਿਆਲਾ ਦੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ‘ਸਵਾਸਥ ਉਮਰ ਲਈ ਯੋਗਾ’ ਥੀਮ ਅਧੀਨ ਕਰਵਾਏ ਗਏ ਇਸ ਸਮਾਗਮ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਯੋਗ ਕਰਕੇ ਸਿਹਤਮੰਦ ਜੀਵਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਗਣਮਾਨਯ ਵਿਅਕਤੀ ਵੀ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੀਐਮ ਦੀ ਯੋਗਸ਼ਾਲਾ’ ਪਹਿਲਕਦਮੀ ਨੇ ਪੰਜਾਬ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 1400 ਤੋਂ ਵੱਧ ਯੋਗਾ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਯੋਗਾ ਸਿਖਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਯੋਗਾ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਮਨ, ਸਰੀਰ ਅਤੇ ਆਤਮਾ ਨੂੰ ਸੰਤੁਲਿਤ ਕਰਨ ਦੀ ਇੱਕ ਅੰਦਰੂਨੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਮਨ, ਸ਼ੁੱਧ ਆਹਾਰ ਅਤੇ ਨਿਯਮਿਤ ਯੋਗਾ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹਨ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਦਿਨਚਰਿਆ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀਆਂ ਤੋਂ ਬਚਾਅ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਵੀ ਪ੍ਰਾਪਤ ਹੋ ਸਕੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਪਟਿਆਲਾ ਵਿਖੇ ਹੋਏ ਇਸ ਰਾਜ ਪੱਧਰੀ ਸਮੂਹਿਕ ਯੋਗਾ ਸਮਾਗਮ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੇ ਲੋਕ ਯੋਗਾ ਨੂੰ ਅਪਣਾ ਰਹੇ ਹਨ ਅਤੇ ‘ਸੀਐਮ ਦੀ ਯੋਗਸ਼ਾਲਾ’ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗਾ ਕਰਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਇਕਾਗਰਤਾ ਅਤੇ ਬਿਹਤਰ ਭਵਿੱਖ ਲਈ ਬਹੁਤ ਲਾਭਦਾਇਕ ਹੈ।
ਆਯੁਰਵੇਦ ਵਿਭਾਗ ਦੇ ਡਾਇਰੈਕਟਰ ਡਾ. ਰਮਨ ਖੰਨਾ ਨੇ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਇਸ ਸਾਲ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ “ਸਵਾਸਥ ਉਮਰ ਲਈ ਯੋਗਾ” ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਯੋਗਾ ਨੂੰ ਸਿਹਤਮੰਦ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ ਮੋਹਨ ਕੌਸ਼ਲ ਦੀ ਅਗਵਾਈ ‘ਚ ਡਾ ਯੋਗੇਸ਼ ਭਾਟੀਆ, ਏ ਐਮ ਓ ਡਾ. ਯੋਗੇਸ਼ ਭਾਟੀਆ, ਡਾ. ਰਾਜਨੀਸ਼ ਵਰਮਾ, ਡਾ ਅਮਨਦੀਪ ਕੌਰ, ਡਾ. ਪੂਜਾ, ਡਾ. ਵਿਸ਼ਾਲ, ਉਪਵੈਦ ਡਾ. ਗੋਲਡੀ, ਸਚਿਨ ਤੇ ਮੋਹਿਤ ਰਿਸ਼ੀ ਡਾ ਪੂਜਾ ਅਰੋੜਾ, ਡਾ ਸਚਿਨ ਤੇ ਡਾ ਰਿਸ਼ੀ ਸਮੇਤ ਸਮੁਚੀ ਆਯੂਸ਼ ਟੀਮ ਨੇ ਯੋਗਾ ਕਰਵਾਇਆ।
ਇਸ ਮੌਕੇ ਯੋਗਾ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਸਿਉਨਾ ਤੇ ਮਲਟੀਪਰਪਜ਼ ਸਕੂਲਾਂ ਦੇ ਰਾਸ਼ਟਰੀ ਚੈਂਪੀਅਨ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ। ਵਿਦਿਆਰਥੀਆਂ ਨੇ ਅਪਣੇ ਲਚਕੀਲੇ ਸਰੀਰ ਦਾ ਪ੍ਰਦਰਸ਼ਨ ਕਰਦਿਆਂ ਕਈ ਔਖੀਆਂ ਯੋਗ ਕਿਰਿਆਵਾਂ ਕਰਕੇ ਲੋਕਾਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਜਸਬੀਰ ਸਿੰਘ ਗਾਂਧੀ, ਏਡੀਸੀ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਬਾਗਬਾਨੀ ਦੇ ਸਹਾਇਕ ਡਾਇਰੈਕਟਰ ਹਰਿੰਦਰਪਾਲ ਸਿੰਘ, ਸੀਨੀਅਰ ਸੁਪਰਿੰਟੈਂਡੈਂਟ ਰਾਕੇਸ਼ ਸ਼ਰਮਾ, ਸੁਪਰਿੰਟੈਂਡੈਂਟ ਮੋਹਨ, ਸੀਨੀਅਰ ਮੈਡੀਕਲ ਫਿਜ਼ੀਸ਼ੀਅਨ ਡਾ. ਅਨੂ ਸ਼ਾਰਦਾ, ਉਪਵੈਦ ਡਾ. ਪ੍ਰੀਤੀ, ਡਾ. ਸੋਨੂ, ਯੋਗਾ ਇੰਸਟਰਕਟਰ ਜੁਝਾਰ ਸਿੰਘ ਤੇ ਜਸ਼ਨਜੋਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਸੀਐਮ ਦੀ ਯੋਗਸ਼ਾਲਾ ਨਾਲ ਜੁੜੇ ਯੋਗ ਸਾਧਕ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ, ਆਯੂਸ਼ ਵਿਭਾਗ ਦੇ ਅਧਿਕਾਰੀ ਅਤੇ ਡਾਕਟਰ ਹਾਜ਼ਰ ਸਨ।








