ਭੋਲੇ ਸ਼ੰਕਰ ਕਲੱਬ ਦੇ ਗੋਤਾਖੋਰਾਂ ਨੇ ਦਿੱਤੀ ਜਾਣਕਾਰੀ
ਪਟਿਆਲਾ, 22 ਜੂਨ:( ਬਲਜੀਤ ਸਰਨਾ): ਨਾਭਾ ਰੋਡ ਸਥਿਤ ਭਾਖੜਾ ਨਹਿਰ ਦੇ ਪੁਲ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਸੈਂਟਰੋ ਕਾਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਰਾਹਗੀਰਾਂ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਦੀ ਟੀਮ ਪਹੁੰਚੀ।

ਭੋਲੇ ਸ਼ੰਕਰ ਕਲੱਬ ਦੇ ਗੋਤਾਖੋਰਾਂ ਮੁਤਾਬਕ ਕਾਰ ਵਿੱਚ ਮੌਜੂਦ ਵਿਅਕਤੀ ਡਰਾਈਵਰ ਸੀਟ ‘ਤੇ ਬੇਹੋਸ਼ ਹਾਲਤ ਵਿੱਚ ਮਿਲਿਆ ਸੀ। ਤੁਰੰਤ 108 ਐਂਬੂਲੈਂਸ ਨੂੰ ਬੁਲਾਇਆ ਗਿਆ, ਜਿੱਥੇ ਮੈਡੀਕਲ ਟੀਮ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਚੌਕੀ ਮਾਡਲ ਟਾਊਨ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਕੋਈ ਨਤੀਜਾ ਕੱਢਣਾ ਜਲਦਬਾਜ਼ੀ ਹੋਵੇਗੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੌਤ ਕੁਦਰਤੀ ਕਾਰਨਾਂ ਕਰਕੇ ਹੋਈ, ਖੁਦਕੁਸ਼ੀ ਦਾ ਮਾਮਲਾ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖਿਆ ਜਾਵੇਗਾ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।








