ਪੰਚਕੂਲਾ, 21 ਜੂਨ: (ਸੰਜੀਵ ਸ਼ਰਮਾ) : ਪੰਚਕੂਲਾ ਵਿੱਚ ਆਯੋਜਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯੋਗ ਦੇ ਪ੍ਰਚਾਰ-ਪ੍ਰਸਾਰ ਅਤੇ ਇਸ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ।
ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਵਿਦਿਅਕ ਸੈਸ਼ਨ ਤੋਂ ਤੀਜੀ ਤੋਂ ਨੌਵੀਂ ਜਮਾਤ ਤੱਕ ਯੋਗ ਸਿੱਖਿਆ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਦਾ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ ਹੋ ਸਕੇ। ਇਸ ਦੇ ਨਾਲ ਹੀ ਸਕੂਲਾਂ ਦੇ ਅਧਿਆਪਕਾਂ ਨੂੰ ਯੋਗ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ।
ਉਨ੍ਹਾਂ ਐਲਾਨ ਕੀਤਾ ਕਿ ਐਚਐਸਐਸਸੀ ਅਤੇ ਐਚਪੀਐਸਸੀ ਦੀਆਂ ਪ੍ਰੀਖਿਆਵਾਂ ਵਿੱਚ ਯੋਗ ਨਾਲ ਸਬੰਧਤ ਪ੍ਰਸ਼ਨ ਸ਼ਾਮਲ ਕੀਤੇ ਜਾਣਗੇ, ਜਿਸ ਲਈ ਲੋੜੀਂਦੀਆਂ ਨੀਤੀਗਤ ਤਬਦੀਲੀਆਂ ਕੀਤੀਆਂ ਜਾਣਗੀਆਂ।
ਯੋਗ ਅਤੇ ਕੁਦਰਤੀ ਇਲਾਜ ਨੂੰ ਉਤਸ਼ਾਹਿਤ ਕਰਨ ਲਈ ਮੋਰਨੀ ਵਿੱਚ ਰਾਜ ਪੱਧਰੀ ਯੋਗ ਅਤੇ ਨੈਚਰੋਪੈਥੀ ਸੰਸਥਾਨ ਸਥਾਪਤ ਕੀਤਾ ਜਾਵੇਗਾ, ਜਿੱਥੇ ਯੋਗ ਅਤੇ ਕੁਦਰਤੀ ਇਲਾਜ ਨਾਲ ਸਬੰਧਤ ਉੱਚ ਸਿੱਖਿਆ ਦੇ ਕੋਰਸ ਚਲਾਏ ਜਾਣਗੇ। ਇਸ ਤੋਂ ਇਲਾਵਾ ਯੂਨੀਵਰਸਿਟੀਆਂ ਵਿੱਚ ਬਣਾਏ ਜਾ ਰਹੇ ਸੈਂਟਰ ਆਫ ਐਕਸੀਲੈਂਸ ਵਿੱਚ ਵੀ ਯੋਗ ਨੂੰ ਵਿਸ਼ੇਸ਼ ਥਾਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਸਪੋਰਟਸ ਵਿਭਾਗਾਂ ਦਾ ਨਾਮ ਬਦਲ ਕੇ ‘ਸਪੋਰਟਸ ਐਂਡ ਯੋਗ ਵਿਭਾਗ’ ਕੀਤਾ ਜਾਵੇਗਾ ਅਤੇ ਯੋਗਾਸਨ ਨੂੰ ਖੇਡ ਨੀਤੀ ਵਿੱਚ ਸ਼ਾਮਲ ਕਰਨ ਲਈ ਵੀ ਕਦਮ ਚੁੱਕੇ ਜਾਣਗੇ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਰਥਨਾ ਸਭਾ ਦੌਰਾਨ ਰਾਜ ਗੀਤ ਦਾ ਸਮੂਹਿਕ ਗਾਇਨ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੱਭਿਆਚਾਰਕ ਮੁੱਲਾਂ ਅਤੇ ਰਾਜ ਪ੍ਰਤੀ ਮਾਣ ਦੀ ਭਾਵਨਾ ਨੂੰ ਮਜ਼ਬੂਤੀ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਯੋਗ ਨੂੰ ਸਿਰਫ਼ ਕਸਰਤ ਤੱਕ ਸੀਮਿਤ ਨਾ ਰੱਖ ਕੇ ਇਸ ਨੂੰ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਊਣ ਦੀ ਵਿਗਿਆਨਕ ਵਿਧੀ ਵਜੋਂ ਸਥਾਪਿਤ ਕਰਨਾ ਹੈ।








