ਯੋਗ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਉੱਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ
ਸੰਗਰੂਰ, 21 ਜੂਨ: (ਜਗਦੇਵ ਰੰਚਨਾਂ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਯੋਗਾ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਿਆ।

ਇਨ੍ਹਾਂ ਗਤੀਵਿਧੀਆਂ ਦੌਰਾਨ ਆਂਗਣਵਾੜੀ ਵਰਕਰਾਂ, ਹੈਲਪਰਾਂ, ਲਾਭਪਾਤਰੀ ਮਹਿਲਾਵਾਂ ਅਤੇ ਬੱਚਿਆਂ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਗਿਆ।
ਇਸ ਮੌਕੇ ਯੋਗ ਮਾਹਿਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਕਿਰਿਆਵਾਂ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਯੋਗ ਦੇ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਉੱਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਭਾਗੀਦਾਰਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਅਤੇ ਅਨਮੋਲ ਵਿਰਾਸਤ ਹੈ, ਜੋ ਸਰੀਰ ਅਤੇ ਮਨ ਦੇ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਸਿਹਤ ਅਤੇ ਪੋਸ਼ਣ ਨਾਲ ਸਬੰਧਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਤੀ ਜਾਗਰੂਕ ਕਰਨਾ ਹੈ।
ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫਲਤਾਪੂਰਵਕ ਮਨਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਮੌਕੇ ਯੋਗ ਰਾਹੀਂ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੰਦੇਸ਼ ਵੀ ਦਿੱਤਾ ਗਿਆ।