Home ਪੰਜਾਬ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ...

ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ  

Footage from nearby CCTV cameras

0

ਬਠਿੰਡਾ, 23ਜੂਨ (ਹਰਸ਼ਪ੍ਰੀਤ ਕੌਰ) : ਬਠਿੰਡਾ ‘ਚ ਸਿਵਲ ਡਿਫੈਂਸ ਦੇ ਚੀਫ ਵਾਰਡਨ ਅਤੇ ਹੋਮਿਓਪੈਥਿਕ ਡਾਕਟਰ ਤਰਸੇਮ ਗਰਗ ਜੋ ਹਾਲ ਹੀ ‘ਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ , ਉਰਨਾਂ ਦੇ ਘਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਘਰ ਦੀ ਲਾਬੀ ਵਿੱਚ ਅੱਗ ਲੱਗ ਗਈ, ਜਿਸ ਨਾਲ ਕੁਝ ਫੁੱਲਾਂ ਦੇ ਗਮਲੇ ਅਤੇ ਇੱਕ ਸਕੂਟਰ ਸੜ ਗਿਆ।

ਹਾਲਾਂਕਿ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਘਟਨਾ ਬੀਤੀ ਰਾਤ ਕਰੀਬ 10.45 ਵਜੇ ਦੀ ਦੱਸੀ ਜਾ ਰਹੀ ਹੈ। ਡਾ: ਤਰਸੇਮ ਗਰਗ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਮੇਲਾ ਰਾਮ ਰੋਡ ‘ਤੇ ਸਥਿਤ ਆਪਣੇ ਕਲੀਨਿਕ ‘ਚ ਰਹਿ ਰਹੇ ਸਨ, ਪਰ ਘਟਨਾ ਵਾਲੇ ਦਿਨ ਹੀ ਵਾਪਸ ਘਰ ਆਏ ਸਨ । ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਸੁੱਟ ਦਿੱਤਾ।

ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਕੀਤੀ ਗਈ ਜਾਂਚ
ਉਨ੍ਹਾਂ ਦੱਸਿਆ ਕਿ ਘਰ ਦੇ ਦਫ਼ਤਰ ਵਿੱਚ ਮੌਜੂਦ ਡਰਾਈਵਰ ਅਤੇ ਲੇਖਾਕਾਰ ਨੇ ਰਾਤ ਕਰੀਬ 10 ਵਜੇ ਉਨ੍ਹਾਂ ਨੂੰ ਹਮਲੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਫੋਰੈਂਸਿਕ ਮਾਹਿਰ, ਡੋਗ ਸਕੂਐਂਡ ਅਤੇ ਵੱਖ-ਵੱਖ ਜਾਂਚ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ।

ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਿਵਲ ਡਿਫੈਂਸ ਦੇ ਚੀਫ ਵਾਰਡਨ ਵਰਗੇ ਜ਼ਿੰਮੇਵਾਰ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ‘ਤੇ ਵੀ ਸਵਾਲ ਖੜ੍ਹੇ ਹੁੰਦੇ ਹਨ। ਐਸ.ਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਟੀਮਾਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ ਅਤੇ ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਸਿਆਸੀ ਕੋਣ ਵੀ ਚਰਚਾ ਵਿੱਚ
ਡਾਕਟਰ ਤਰਸੇਮ ਗਰਗ ਦੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਕਾਰਨ ਸਿਆਸੀ ਹਲਕਿਆਂ ਵਿੱਚ ਵੀ ਇਸ ਹਮਲੇ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਪੁਲਿਸ ਨੇ ਹਾਲੇ ਤੱਕ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

 

Exit mobile version