ਪਟਿਆਲਾ, 23 ਜੂਨ:(ਬਲਜੀਤ ਸਰਨਾ): ਪਟਿਆਲਾ ਦੇ ਬੱਸ ਸਟੈਂਡ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ 52 ਸਾਲਾ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਤੋਂ ਬਾਅਦ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਮ੍ਰਿਤਕਾ ਦੀ ਪਛਾਣ ਰੇਨੂ ਪਤਨੀ ਰਾਕੇਸ਼, ਵਾਸੀ ਹੀਰਾ ਨਗਰ, ਪਟਿਆਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਇੱਕ ਪੀ.ਆਰ.ਟੀ.ਸੀ. ਬੱਸ ਨਾਲ ਵਾਪਰਿਆ, ਜਿਸ ਕਾਰਨ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਸੀ।
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਅਨਾਜ ਮੰਡੀ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਐਫ.ਆਈ.ਆਰ. ਨੰਬਰ 103 ਤਹਿਤ ਬੀ.ਐਨ.ਐਸ. ਦੀਆਂ ਧਾਰਾਵਾਂ 106, 281, 125(ਏ) ਅਤੇ 124 ਅਧੀਨ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।








