ਨਵੀਂ ਦਿੱਲੀ:23ਜੂਨ (ਛਤਰਪਾਲ ਸਿੰਘ):ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਰਾਜ ਮੰਤਰੀ ਜਾਰਜ ਕੁਰੀਅਨ ਨੇ ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ ਜਾਣਕਾਰੀ ਅਨੁਸਾਰ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਜਾਰਜ ਕੁਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ।
ਜਾਰਜ ਕੁਰੀਅਨ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਦੇ ਨਾਲ ਹੀ ਉਹ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਿਆਂ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ। ਉਹ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਮੰਡਲ ਵਿੱਚ ਇਸਾਈ ਭਾਈਚਾਰੇ ਦੇ ਇਕਲੌਤੇ ਪ੍ਰਤੀਨਿਧੀ ਸਨ।
ਉਨ੍ਹਾਂ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ ਨੂੰ ਸਮਾਪਤ ਹੋ ਗਿਆ ਸੀ। ਇਹ ਘਟਨਾਕ੍ਰਮ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਮੁੜ ਉਮੀਦਵਾਰ ਨਾ ਬਣਾਉਣ ਦਾ ਫੈਸਲਾ ਕੀਤਾ ਸੀ।
ਰਾਜਨੀਤਿਕ ਮਾਹਿਰ ਇਸ ਅਸਤੀਫ਼ੇ ਨੂੰ ਅਹਿਮ ਮੰਨ ਰਹੇ ਹਨ, ਖਾਸ ਕਰਕੇ ਇਸ ਲਈ ਕਿ ਭਾਜਪਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਰਾਜ ਸਭਾ ਲਈ ਮੁੜ ਨਾਮਜ਼ਦ ਨਹੀਂ ਕੀਤਾ, ਜਿਨ੍ਹਾਂ ਦਾ ਕਾਰਜਕਾਲ ਵੀ ਖਤਮ ਹੋ ਚੁੱਕਾ ਹੈ।
ਇਨ੍ਹਾਂ ਫੈਸਲਿਆਂ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਮੋਦੀ ਮੰਤਰੀ ਮੰਡਲ ਵਿੱਚ ਸੰਭਾਵਿਤ ਫੇਰਬਦਲ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਵੱਡੇ ਬਦਲਾਵਾਂ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ।
