ਨਵੀਂ ਦਿੱਲੀ/ਇਸਲਾਮਾਬਾਦ, 24 ਅਗਸਤ 2026 (ਜਗਦੇਵ ਸਿੰਘ ਜੱਗੀ) : ਦੁਨੀਆ ਦੇ 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਸਾਬਕਾ ਪਾਕਿਸਤਾਨੀ ਕ੍ਰਿਕਟ ਕਪਤਾਨ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਢੁੱਕਵਾਂ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਹ ਪੱਤਰ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਗ੍ਰੇਗ ਚੈਪਲ ਦੀ ਅਗਵਾਈ ਵਿੱਚ ਲਿਖਿਆ ਗਿਆ। ਇਸ ’ਤੇ ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ, ਕਪਿਲ ਦੇਵ ਅਤੇ ਦਿਲੀਪ ਵੈਂਗਸਰਕਰ ਸਮੇਤ ਇੰਗਲੈਂਡ ਅਤੇ ਆਸਟ੍ਰੇਲੀਆ ਦੇ ਕਈ ਸਾਬਕਾ ਕਪਤਾਨਾਂ ਨੇ ਦਸਤਖ਼ਤ ਕੀਤੇ ਹਨ। ਕ੍ਰਿਕਟ ਦਿੱਗਜਾਂ ਨੇ ਪੱਤਰ ਵਿੱਚ ਕਿਹਾ ਕਿ 73 ਸਾਲਾ ਇਮਰਾਨ ਖਾਨ ਨੂੰ ਪਿਛਲੇ ਹਫ਼ਤੇ ਕੁਝ ਘੰਟਿਆਂ ਲਈ ਹਸਪਤਾਲ ਲਿਜਾਇਆ ਗਿਆ ਸੀ, ਪਰ ਬਾਅਦ ਵਿੱਚ ਮੁੜ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਕਪਤਾਨਾਂ ਨੇ ਮੈਡੀਕਲ ਬੋਰਡ ਰਾਹੀਂ ਉਨ੍ਹਾਂ ਦੀ ਪੂਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਇਮਰਾਨ ਖਾਨ ਦੇ ਪਰਿਵਾਰ ਨੂੰ ਹਰ ਹਫ਼ਤੇ ਉਨ੍ਹਾਂ ਨਾਲ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਮੈਡੀਕਲ ਬੋਰਡ ਵੱਲੋਂ ਸੁਝਾਇਆ ਗਿਆ ਇਲਾਜ ਬਿਨਾਂ ਕਿਸੇ ਦੇਰੀ ਦੇ ਮੁਹੱਈਆ ਕਰਵਾਇਆ ਜਾਵੇ। ਇਸ ਪਹਲ ਨੂੰ ਕ੍ਰਿਕਟ ਜਗਤ ਵਿੱਚ ਇੱਕ ਵਿਲੱਖਣ ਘਟਨਾ ਮੰਨਿਆ ਜਾ ਰਿਹਾ ਹੈ, ਕਿਉਂਕਿ ਪਹਿਲੀ ਵਾਰ ਕਈ ਦੇਸ਼ਾਂ ਦੇ ਸਾਬਕਾ ਅੰਤਰਰਾਸ਼ਟਰੀ ਕਪਤਾਨਾਂ ਨੇ ਇਕੱਠੇ ਹੋ ਕੇ ਆਪਣੇ ਸਾਬਕਾ ਕ੍ਰਿਕਟ ਸਾਥੀ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ।







