ਅਗਲੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ
ਫ਼ਤਹਿਗੜ੍ਹ ਸਾਹਿਬ, 21 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਸੈਸ਼ਨ ਡਵੀਜ਼ਨ, ਫਤਹਿਗੜ੍ਹ ਸਾਹਿਬ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸੈਸ਼ਨ ਡਵੀਜ਼ਨ, ਫਤਹਿਗੜ੍ਹ ਸਾਹਿਬ ਅਧੀਨ ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਲੋਕ ਅਦਾਲਤ ਦੌਰਾਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਚੈੱਕ ਬਾਊਂਸ ਨਾਲ ਸਬੰਧਤ ਕੁੱਲ 22 ਕੇਸਾਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ 1,14,21,269/- ਰੁਪਏ (ਇੱਕ ਕਰੋੜ, ਚੌਦਾ ਲੱਖ, ਇੱਕੀ ਹਜਾਰ, ਦੋ ਸੌ ਉਨੱਤਰ ਰੁਪਏ) ਦੀ ਰਕਮ ਦਾ ਨਿਪਟਾਰਾ ਕੀਤਾ ਗਿਆ। ਸ੍ਰੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਲੋਕ ਅਦਾਲਤਾਂ ਲਗਾਉਣ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤਾ, ਸੁਖਾਲਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨਾ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦਾ ਬੋਝ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਝਗੜਿਆਂ ਦੇ ਨਿਪਟਾਰੇ ਲਈ ਇੱਕ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਅਤੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਜਲਦੀ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਹਨਾ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਦਸੰਬਰ 2026 ਨੂੰ ਲਗਾਈ ਜਾਵੇਗੀ, ਜਿਸ ਵਿੱਚ ਹਰ ਤਰ੍ਹਾਂ ਦੇ ਦੀਵਾਨੀ ਕੇਸਾਂ ਤੇ ਕਾਬਲੇ ਰਾਜੀਨਾਮਾ, ਫੌਜਦਾਰੀ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ।
