ਗੁਹਾਟੀ, 14 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਮਿਨੀ ਬੱਸ ਅਤੇ ਕੰਟੇਨਰ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਇਸ ਹਾਦਸੇ ਵਿੱਚ ਮਰਨ ਵਾਲੇ 26 ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਗੋਲਾਘਾਟ ਦੇ ਸਵਹੀਦ ਕੁਸ਼ਲ ਕੋਨਵਰ ਸਿਵਲ ਹਸਪਤਾਲ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਐਂਬੂਲੈਂਸਾਂ ਰਾਹੀਂ ਮ੍ਰਿਤਕਾਂ ਦੀਆਂ ਦੇਹਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ। ਸੂਬੇ ਦੇ ਮੰਤਰੀ ਰਨੋਜ ਪੇਗੂ ਨੇ ਦੱਸਿਆ ਕਿ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਦੇ ਨਿਰਦੇਸ਼ਾਂ ’ਤੇ ਉਹ ਹਾਦਸੇ ਵਾਲੀ ਥਾਂ ਅਤੇ ਜ਼ਖ਼ਮੀਆਂ ਦਾ ਇਲਾਜ ਕਰ ਰਹੇ ਹਸਪਤਾਲਾਂ ਦਾ ਦੌਰਾ ਕਰਨ ਪਹੁੰਚੇ ਸਨ। ਉਨ੍ਹਾਂ ਮੁਤਾਬਕ ਹਾਦਸੇ ਵਿੱਚ ਜ਼ਖ਼ਮੀ ਹੋਏ 18 ਵਿਅਕਤੀਆਂ ਵਿੱਚੋਂ ਸੱਤ ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਨ੍ਹਾਂ ਨੂੰ ਜੌਰਹਾਟ ਮੈਡੀਕਲ ਕਾਲਜ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਕੁੱਲ 20 ਵਿਅਕਤੀਆਂ ਨੂੰ ਜੌਰਹਾਟ ਅਤੇ ਗੋਲਾਘਾਟ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਦੋ ਦੀ ਬਾਅਦ ਵਿੱਚ ਮੌਤ ਹੋ ਗਈ। ਬਾਕੀ 11 ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਖਰਚਾ ਚੁੱਕਿਆ ਜਾਵੇਗਾ। ਜੇਕਰ ਕਿਸੇ ਮਰੀਜ਼ ਨੂੰ ਵਿਸ਼ੇਸ਼ ਇਲਾਜ ਦੀ ਲੋੜ ਪਈ ਤਾਂ ਉਸ ਨੂੰ ਬਿਹਤਰ ਸਹੂਲਤਾਂ ਵਾਲੇ ਹਸਪਤਾਲ ਵਿੱਚ ਤਬਦੀਲ ਕਰਨ ਦਾ ਪ੍ਰਬੰਧ ਵੀ ਸਰਕਾਰ ਕਰੇਗੀ। ਜ਼ਖ਼ਮੀਆਂ ਦੇ ਇਲਾਜ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਵਿੱਚ ਸਹਾਇਤਾ ਲਈ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਅਤੇ ਅਸਾਮ ਮੈਡੀਕਲ ਕਾਲਜ ਹਸਪਤਾਲ, ਡਿਬਰੂਗੜ੍ਹ ਤੋਂ ਡਾਕਟਰਾਂ ਦੀਆਂ ਟੀਮਾਂ ਵੀ ਪਹੁੰਚੀਆਂ ਹਨ। ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਸ਼ਨੀਵਾਰ ਨੂੰ ਗੋਲਾਘਾਟ ਜ਼ਿਲ੍ਹੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਸਥਿਤੀ ਦਾ ਜਾਇਜ਼ਾ ਲੈਣਗੇ।
ਇਹ ਹਾਦਸਾ ਸ਼ੁੱਕਰਵਾਰ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਰੰਗਾਜਾਨ ਵਿਖੇ ਕੌਮੀ ਮਾਰਗ-715 ’ਤੇ ਵਾਪਰਿਆ। ਮਿਨੀ ਬੱਸ ਗੋਲਾਘਾਟ ਤੋਂ ਨਗਾਓਂ ਵੱਲ ਜਾ ਰਹੀ ਸੀ, ਜਦਕਿ ਕੰਟੇਨਰ ਟਰੱਕ ਤੇਜ਼ਪੁਰ ਤੋਂ ਡਿਬਰੂਗੜ੍ਹ ਵੱਲ ਜਾ ਰਿਹਾ ਸੀ। ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਮ੍ਰਿਤਕਾਂ ਵਿੱਚ ਕਈ ਕਾਲਜ ਵਿਦਿਆਰਥੀ ਵੀ ਸ਼ਾਮਲ ਸਨ, ਜੋ ਆਪਣੀਆਂ ਕਲਾਸਾਂ ਤੋਂ ਬਾਅਦ ਘਰ ਵਾਪਸ ਜਾ ਰਹੇ ਸਨ। ਇੱਕੋ ਪਰਿਵਾਰ ਦੀਆਂ ਤਿੰਨ ਭੈਣਾਂ ਦੀ ਮੌਤ ਹੋਣ ਦੀ ਖ਼ਬਰ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਇੱਕ ਨਵਜੰਮੇ ਬੱਚੇ ਨੂੰ ਵੀ ਗੋਲਾਘਾਟ ਹਸਪਤਾਲ ਵਿੱਚ ਡਾਕਟਰਾਂ ਦੀ ਦੇਖ-ਰੇਖ ਹੇਠ ਰੱਖਿਆ ਗਿਆ ਹੈ। ਫਿਲਹਾਲ ਬੱਚੇ ਦੇ ਪਰਿਵਾਰਕ ਮੈਂਬਰਾਂ ਜਾਂ ਸਰਪ੍ਰਸਤਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵੀ ਜਾਂਚਿਆ ਜਾ ਰਿਹਾ ਹੈ ਕਿ ਕੀ ਕਿਸੇ ਵਾਹਨ ਨੇ ਨਿਰਧਾਰਤ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆਂ ਸਨ ਜਾਂ ਤੇਜ਼ ਰਫ਼ਤਾਰ ਕਾਰਨ ਇਹ ਹਾਦਸਾ ਵਾਪਰਿਆ। ਮੰਤਰੀ ਪੇਗੂ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਦੀ ਲਾਪਰਵਾਹੀ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਜ਼ੀਰੰਗਾ ਨੇੜੇ ਇਸ ਕੌਮੀ ਮਾਰਗ ਦੇ 60 ਕਿਲੋਮੀਟਰ ਲੰਬੇ ਹਿੱਸੇ ’ਤੇ ਰਫ਼ਤਾਰ ਦੀ ਹੱਦ ਨਿਰਧਾਰਤ ਹੈ। ਜੰਗਲੀ ਜੀਵਾਂ ਦੇ ਲਾਂਘਿਆਂ ਵਾਲੇ ਖੇਤਰਾਂ ਵਿੱਚ ਵਾਹਨਾਂ ਦੀ ਵੱਧ ਤੋਂ ਵੱਧ ਰਫ਼ਤਾਰ 20 ਕਿਲੋਮੀਟਰ ਪ੍ਰਤੀ ਘੰਟਾ ਰੱਖੀ ਗਈ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਿਗਰਾਨੀ ਕੈਮਰੇ ਵੀ ਲਗਾਏ ਗਏ ਹਨ। ਘਟਨਾ ਦੀ ਜਾਂਚ ਲਈ ਗੁਹਾਟੀ ਤੋਂ ਫੋਰੈਂਸਿਕ ਟੀਮ ਵੀ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ ਕਰ ਰਹੀ ਹੈ ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੇ ਦਾਅਵਾ ਕੀਤਾ ਹੈ ਕਿ ਮਿਨੀ ਬੱਸ ਅਚਾਨਕ ਆਪਣੀ ਲੇਨ ਬਦਲ ਕੇ ਤੇਜ਼ ਰਫ਼ਤਾਰ ਨਾਲ ਉਸ ਦੇ ਟਰੱਕ ਨਾਲ ਟਕਰਾ ਗਈ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ। ਮਿਨੀ ਬੱਸ ਦਾ ਡਰਾਈਵਰ ਅਤੇ ਹੈਲਪਰ ਦੋਵੇਂ ਮੌਕੇ ’ਤੇ ਹੀ ਦਮ ਤੋੜ ਗਏ।
