ਲੌਂਗੋਵਾਲ/ ਸੁਨਾਮ, 12 ਅਗਸਤ, 2026 (ਹਰਸ਼ਪ੍ਰੀਤ ਕੌਰ) : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਵਿੱਚ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਲੌਂਗੋਵਾਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਟੀਮ ਵੱਲੋਂ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਲਾਜ਼ਮੀ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਵਾਹਨਾਂ ਵਿੱਚ ਫਸਟ ਏਡ ਬਾਕਸ ਦੀ ਕਮੀ, ਡਰਾਈਵਰ/ਸਟਾਫ਼ ਵੱਲੋਂ ਨਿਰਧਾਰਤ ਵਰਦੀ ਨਾ ਪਹਿਨਣਾ, ਲੇਡੀ ਅਟੈਂਡੈਂਟ/ਕੰਡਕਟਰ ਦੀ ਗੈਰ-ਮੌਜੂਦਗੀ ਅਤੇ ਅੱਗ ਬੁਝਾਊ ਯੰਤਰ ਦੀ ਕਮੀ ਵਰਗੀਆਂ ਉਲੰਘਣਾਵਾਂ ਸਾਹਮਣੇ ਆਈਆਂ। ਇਨ੍ਹਾਂ ਵੱਖ-ਵੱਖ ਕਮੀਆਂ ਦੇ ਸਬੰਧ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਕੁੱਲ 6 ਚਲਾਨ ਕੀਤੇ ਗਏ। ਚੈਕਿੰਗ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਨਿਰਧਾਰਤ ਸਾਰੇ ਲਾਜ਼ਮੀ ਪ੍ਰਬੰਧ ਹਰ ਸਮੇਂ ਮੁਕੰਮਲ ਰੱਖੇ ਜਾਣ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਚੈਕਿੰਗ ਦਾ ਮੰਤਵ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਪ੍ਰਬੰਧ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਨਿਰਮਲ ਕੌਰ, ਪੁਲਿਸ ਵਿਭਾਗ ਤੋਂ ਸ੍ਰ ਨਿਰਭ ਸਿੰਘ ਅਤੇ ਸ੍ਰ ਪਰਮਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ੍ਰੀਮਤੀ ਬੇਅੰਤ ਕੌਰ ਅਤੇ ਸ੍ਰ ਰੁਪਿੰਦਰ ਸਿੰਘ ਸਮੇਤ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
