ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਯੋਗ ਵੋਟਰਾਂ ਨੂੰ ਬੀਐਲਓਜ਼ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
ਫਤਹਿਗੜ੍ਹ ਸਾਹਿਬ, 24 ਜੁਲਾਈ: (ਛਤਰਪਾਲ ਸਿੰਘ) ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਤਹਿਤ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ 94.15 ਫੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਾ ਹੈ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੇ ਸਹਿਯੋਗ ਨਾਲ ਇਹ ਪ੍ਰਕਿਰਿਆ ਜਲਦ ਹੀ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦਾ ਕੰਮ ਅਜੇ ਵੀ ਜਾਰੀ ਹੈ ਅਤੇ ਭਾਰਤ ਚੋਣ ਕਮਿਸ਼ਨ ਦੇ ਨਵੇਂ ਸ਼ਡਿਊਲ ਅਨੁਸਾਰ 3 ਅਗਸਤ 2026 ਤੱਕ ਇਹ ਪ੍ਰਕਿਰਿਆ ਚੱਲੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੀਐਲਓਜ਼ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਕਿਸੇ ਦਾਅਵੇ ਜਾਂ ਇਤਰਾਜ਼ ਸਬੰਧੀ ਕੋਈ ਜਾਣਕਾਰੀ ਦੇਣੀ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਆਪਣੇ ਬੀਐਲਓ ਰਾਹੀਂ ਜ਼ਰੂਰ ਦਰਜ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ ਅਤੇ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਇਸ ਮੁਹਿੰਮ ਦੀ ਸਫ਼ਲਤਾ ਲਈ ਅਹਿਮ ਹੈ।
