ਪਟਿਆਲਾ, 10 ਜਨਵਰੀ:
ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ 46 ਸ਼ਹਿਰਾਂ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਆਮ ਆਦਮੀ ਪਾਰਟੀ ਨੇ ਵਿਕਾਸ ਦੇ ਏਜੰਡੇ ‘ਤੇ ਲੜੀਆਂ ਅਤੇ ਸੂਬਾ ਵਾਸੀਆਂ ਨੇ ਵੀ ਪੂਰਾ ਸਮਰਥਨ ਦਿੰਦਿਆਂ ਸੂਬੇ ਦੇ 55 ਫ਼ੀਸਦੀ ਵਾਰਡਾਂ ‘ਤੇ ਆਮ ਆਦਮੀ ਪਾਰਟੀ ਨੂੰ ਜਿਤਾਅ ਕੇ ਨਵਾਂ ਰਿਕਾਰਡ ਬਣਾਇਆ ਹੈ। ਸ੍ਰੀ ਅਮਨ ਅਰੋੜਾ ਆਪਣੇ ਸਾਥੀ ਕੈਬਨਿਟ ਮੰਤਰੀਆਂ ਡਾ. ਬਲਬੀਰ ਤੇ ਬਰਿੰਦਰ ਗੋਇਲ ਤੇ ਐਮ.ਐਲ.ਏ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨਾਲ ਪਟਿਆਲਾ ਦੇ ਨਵੇਂ ਚੁਣੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਪਣੇ ਅਹੁਦਿਆਂ ‘ਤੇ ਬਿਠਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਦੀ ਨਗਰ ਨਿਗਮ ਦੇ ਚੁਣੇ ਗਏ 53 ਕੌਂਸਲਰਾਂ ਵਿਚੋਂ 43 ਕੌਂਸਲਰ ਆਮ ਆਦਮੀ ਪਾਰਟੀ ਦੇ ਹਨ ਅਤੇ ਇਨ੍ਹਾਂ ਵਿਚੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਦੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਟੀਮ ਦੇ ਅਹਿਮ ਮੈਂਬਰ ਸ੍ਰੀ ਕੁੰਦਨ ਗੋਗੀਆ ਨੂੰ ਸਰਵਸੰਮਤੀ ਨਾਲ ਮੇਅਰ ਅਤੇ ਸ੍ਰੀ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਸਿੰਘ ਜੱਗਾ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੁੰਦਨ ਗੋਗੀਆ ਇੱਕ ਗੈਰ ਰਾਜਨੀਤਿਕ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਪਾਰਟੀ ਵਿੱਚ ਵਲੰਟੀਅਰ ਦੇ ਤੌਰ ‘ਤੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਤੇ ਪਾਰਟੀ ਵੱਲੋਂ ਆਪਣੇ ਵਲੰਟੀਅਰ ਨੂੰ ਬਣਦਾ ਮਾਣ ਦਿੰਦਿਆਂ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ ਤੇ ਇਸ ਦੇ ਸਾਰਥਕ ਨਤੀਜੇ ਜਲਦੀ ਹੀ ਦਿਖਣੇ ਸ਼ੁਰੂ ਹੋ ਜਾਣਗੇ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਦੀ ਚੁਣੀ ਗਈ ਨਵੀਂ ਟੀਮ ਅਗਲੇ ਦੋ ਸਾਲਾਂ ਵਿੱਚ ਸ਼ਹਿਰ ਦੀ ਨੁਹਾਰ ਬਦਲੇਗੀ ਤੇ ਚੋਣਾਂ ਦੌਰਾਨ ਪਾਰਟੀ ਵੱਲੋਂ ਜੋ ਪੰਜ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਪਾਰਦਰਸ਼ੀ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੁੰਦਨ ਗੋਗੀਆ, ਡਾ. ਬਲਬੀਰ ਸਿੰਘ, ਅਜੀਤਪਾਲ ਸਿੰਘ ਕੋਹਲੀ ਤੇ ਹਰਮੀਤ ਸਿੰਘ ਪਠਾਣਮਾਜਰਾ ਇੱਕ ਟੀਮ ਦੀ ਤਰ੍ਹਾਂ ਕੰਮ ਕਰਦੇ ਹੋਏ ਪਟਿਆਲਾ ਸ਼ਹਿਰ ਨੂੰ ਵਿਕਾਸ ਦੀਆਂ ਨਵੀਂਆਂ ਉਚਾਈਆਂ ‘ਤੇ ਲੈਕੇ ਜਾਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨ ਪੰਜਾਬ ਦੇ ਅੱਠ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਹੋਈ ਅਤੇ ਸਾਰੇ ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦੇ ਐਮ.ਸੀ. ਅਹੁਦਿਆਂ ‘ਤੇ ਕਾਬਜ ਹੋਏ ਹਨ ਅਤੇ ਇਨ੍ਹਾਂ ਸਾਰੇ ਸ਼ਹਿਰਾਂ ਦੀ ਨੁਹਾਰ ਵੀ ਆਉਂਦੇ ਦੋ ਸਾਲਾਂ ਵਿੱਚ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ‘ਤੇ ਮੋਹਰ ਲਗਾਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੀ ਸਮੁੱਚੀ ਟੀਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰ ਦਾ ਬੇਮਿਸਾਲ ਵਿਕਾਸ ਕਰਵਾਏਗੀ ਅਤੇ ਜੋ ਸਾਲਾਂ ਤੋਂ ਵਿਕਾਸ ਦੇ ਪ੍ਰੋਜੈਕਟ ਲਟਕੇ ਆ ਰਹੇ ਹਨ, ਉਹ ਜਲਦੀ ਹੀ ਮੁਕੰਮਲ ਕੀਤੇ ਜਾਣਗੇ।
ਇਸ ਮੌਕੇ ਨਵੇਂ ਬਣੇ ਮੇਅਰ ਕੁੰਦਨ ਗੋਗੀਆ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਟਿਆਲਾ ਵਾਸੀਆਂ ਨੂੰ ਨਾਲ ਲੈਕੇ ਸ਼ਹਿਰ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਪਟਿਆਲਾ ਵਾਸੀਆਂ ਨੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਹੈ, ਉਸੇ ਤਰ੍ਹਾਂ ਅੱਗੇ ਵੀ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ ਲਈ ਸਹਿਯੋਗ ਦੇਣ।