ਪੁਲਿਸ ਵੱਲੋਂ ਇਲਾਕਾ ਖਾਲੀ ਕਰਵਾ ਕੇ ਜਾਂਚ ਜਾਰੀ
ਜਲੰਧਰ, 15 ਦਸੰਬਰ 2025 (ਜਗਦੇਵ ਰੰਚਨਾਂ): ਜਲੰਧਰ ਤੋਂ ਇਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੇ.ਐਮ.ਵੀ. ਕਾਲਜ ਸਮੇਤ ਕੁਝ ਪ੍ਰਮੁੱਖ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਧਮਕੀ ਦੀ ਜਾਣਕਾਰੀ ਮਿਲਦੇ ਹੀ ਸਕੂਲ ਅਤੇ ਕਾਲਜ ਪ੍ਰਬੰਧਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਸੁਰੱਖਿਆ ਕਾਰਨਾਂ ਕਰਕੇ ਕਾਲਜ ਅਤੇ ਸਕੂਲ ਦੇ ਅਹਾਤਿਆਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।
ਥਾਣਾ ਸਟੇਸ਼ਨ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਕਾਲਜ ਅਤੇ ਸਕੂਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ‘ਚ ਚੌਕਸੀ ਵਧਾ ਦਿੱਤੀ ਗਈ ਹੈ।







