ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਨਿਚਰਵਾਰ ਨੂੰ ਸੂਬੇ ਦੇ ਬਜ਼ੁਰਗਾਂ ਲਈ ਇੱਕ ਨਵੀਂ ਸਿਹਤ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਅਧੀਨ ਉਨ੍ਹਾਂ ਨੂੰ ਆਪਣੇ ਘਰ ਵਿੱਚ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਇਸ ਯੋਜਨਾ ਨੂੰ ਤਰਜੀਹ ਦੇ ਆਧਾਰ ‘ਤੇ ਜਲਦ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਨਿਤੀਸ਼ ਕੁਮਾਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਜਾਰੀ ਪੋਸਟ ਵਿੱਚ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਜ਼ਰੂਰਤਮੰਦ ਬਜ਼ੁਰਗਾਂ ਨੂੰ ਜ਼ਰੂਰਤ ਪੈਣ ‘ਤੇ ਘਰ ਵਿਚ ਹੀ ਨਰਸਿੰਗ ਸਹਾਇਤਾ, ਘਰ ‘ਤੇ ਪੈਥੋਲੋਜੀ ਜਾਂਚ, ਬਲੱਡ ਪ੍ਰੈਸ਼ਰ (ਬੀ.ਪੀ.) ਦੀ ਜਾਂਚ, ਈ.ਸੀ.ਜੀ. ਟੈਸਟ, ਫ਼ਿਜੀਓਥੈਰੇਪੀ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੋਰ ਜ਼ਰੂਰੀ ਡਾਕਟਰੀ ਸਹਾਇਤਾ ਸਮੇਂ-ਸਿਰ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਇਹ ਯੋਜਨਾ ਬਿਹਾਰ ਸਰਕਾਰ ਦੀ ਮਹੱਤਵਪੂਰਨ ‘ਸੱਤ ਨਿਸਚੈ’ ਪਹਿਲ ਦੇ ਤਹਿਤ ਲਾਗੂ ਕੀਤੀ ਜਾਵੇਗੀ, ਜਿਸਦਾ ਮਕਸਦ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਦੇ ਚੱਕਰਾਂ ਤੋਂ ਰਾਹਤ ਦਿਵਾਉਣਾ ਹੈ।
ਮੁੱਖ ਮੰਤਰੀ ਦੇ ਇਸ ਐਲਾਨ ਨਾਲ ਸੂਬੇ ਦੇ ਬਜ਼ੁਰਗਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਇਸਨੂੰ ਇੱਕ ਮਨੁੱਖੀ ਤੇ ਲੋਕ-ਹਿੱਤੈਸ਼ੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ।







