ਚੰਡੀਗੜ੍ਹ: 4 ਜਨਵਰੀ (ਛਤਰਪਾਲ ਸਿੰਘ) : ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਜਲਦੀ ਹੀ ਇੱਕ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ। ਇਸ ਸਬੰਧੀ ਵਿਧਾਨ ਸਭਾ ਦੀ ਬਣਾਈ ਗਈ ਕਮੇਟੀ ਜਲਦ ਆਪਣੀ ਰਿਪੋਰਟ ਪੇਸ਼ ਕਰੇਗੀ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਦਿੱਤੀ।
ਬਲਤੇਜ ਪੰਨੂ ਨੇ ਸਪਸ਼ਟ ਕੀਤਾ ਕਿ ਇਹ ਕਾਨੂੰਨ ਕਿਸੇ ਇੱਕ ਧਰਮ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ‘ਤੇ ਬਰਾਬਰੀ ਨਾਲ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਨ ਤੋਂ ਬਾਅਦ ਆਇਆ ਹੈ। ਪੰਨੂ ਨੇ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਸੁਝਾਅ ਪੂਰੀ ਤਰ੍ਹਾਂ ਮਾਣਯੋਗ ਹੈ ਅਤੇ ਸਰਕਾਰ ਵੀ ਇਸੇ ਦਿਸ਼ਾ ਵਿੱਚ ਕਦਮ ਚੁੱਕ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਹੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਪ੍ਰਸਤਾਵ ਲੈ ਕੇ ਆ ਚੁੱਕੀ ਹੈ, ਜਿਸ ਲਈ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵੱਲੋਂ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਸਭ ਤੋਂ ਸੁਝਾਅ ਇਕੱਠੇ ਕੀਤੇ ਗਏ ਹਨ।
ਬਲਤੇਜ ਪੰਨੂ ਨੇ ਕਿਹਾ ਕਿ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਪੇਸ਼ ਕਰੇਗੀ, ਜਿਸ ਤੋਂ ਬਾਅਦ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਦੋਹਰਾਇਆ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਰੜੀ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ। ਪੰਜਾਬ ਸਰਕਾਰ ਜਲਦੀ ਹੀ ਇਸ ਸੂਬਾਈ ਕਾਨੂੰਨ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਪੂਰੀ ਕਰੇਗੀ।









