ਅੰਮ੍ਰਿਤਸਰ: 5 ਜਨਵਰੀ (ਪ੍ਰਭਜੋਤ ਸਿੰਘ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਫੋਟੋ ਵਿਵਾਦ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿੱਚ ਆਪਣਾ ਸਪੱਸ਼ਟੀਕਰਨ ਸੌਂਪਿਆ। ਅੰਮ੍ਰਿਤਸਰ ਪਹੁੰਚ ਕੇ ਮੰਤਰੀ ਸੌਂਦ ਨੇ ਪਹਿਲਾਂ “ਸਤਿਨਾਮ ਵਾਹਿਗੁਰੂ” ਦਾ ਜਾਪ ਕੀਤਾ ਅਤੇ ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਪੂਰੇ ਮਨ ਅਤੇ ਸ਼ਰਧਾ ਨਾਲ ਸਵੀਕਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਵੱਲੋਂ ਇਹ ਵੀ ਆਦੇਸ਼ ਦਿੱਤਾ ਗਿਆ ਹੈ ਕਿ ਸਭਿਆਚਾਰ ਵਿਭਾਗ ਵਿੱਚ ਅਜਿਹਾ ਅਧਿਕਾਰੀ ਨਿਯੁਕਤ ਕੀਤਾ ਜਾਵੇ, ਜਿਸ ਨੂੰ ਸਿੱਖ ਸਿਧਾਂਤਾਂ ਦੀ ਪੂਰੀ ਸਮਝ ਹੋਵੇ ਅਤੇ ਜੋ ਪੰਜਾਬ ਦੀ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਨਾਲ ਭਲੀ-ਭਾਂਤੀ ਜਾਣੂ ਹੋਵੇ।
ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਤਲਬ ਕੀਤਾ ਗਿਆ ਸੀ। ਇਹ ਫੈਸਲਾ ਹਾਲ ਹੀ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਲਿਆ ਗਿਆ ਸੀ, ਜਿਸ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸੀ।
ਮਾਮਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ ਤਸਵੀਰਾਂ ਨਾਲ ਸਬੰਧਤ ਹੈ, ਜਿਨ੍ਹਾਂ ‘ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗੇ ਸਨ। ਮੰਤਰੀ ਸੌਂਦ ਵੱਲੋਂ ਪਹਿਲਾਂ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸਮਾਂ ਮੰਗਿਆ ਗਿਆ ਸੀ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ।
ਅੱਜ ਮੰਤਰੀ ਸੌਂਦ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ। ਹੁਣ ਇਸ ਮਾਮਲੇ ‘ਤੇ ਅਗਲਾ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤਾ ਜਾਵੇਗਾ।







